ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਲੁਧਿਆਣਾ, 18 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 15 ਅਗਸਤ, 2024 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੀਟਿੰਗ ਕੀਤੀ।

ਸਥਾਨਕ ਬੱਚਤ ਭਵਨ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਜਰ ਸਰੀਨ ਨੇ ਕਿਹਾ ਕਿ 15 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਗੀਤ, ਲੋਕ ਨਾਚ ਜਾਂ ਕੋਰੀਓਗ੍ਰਾਫੀ ਦੇ ਨਾਲ-ਨਾਲ ਹੋਰ ਸੱਭਿਆਚਾਰਕ ਵੰਨਗੀਆਂ ਦੇਸ਼ ਭਗਤੀ ਦੇ ਜਜ਼ਬੇ ‘ਤੇ ਆਧਾਰਿਤ ਅਤੇ ਨਾਲ ਹੀ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਹਰਸਲ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਝਾਕੀ ਤਿਆਰ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨਗਰ ਨਿਗਮ ਨੂੰ ਇਹ ਵੀ ਕਿਹਾ ਕਿ ਉਹ ਸਮਾਗਮ ਵਾਲੀ ਥਾਂ ‘ਤੇ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਭਾਗ ਲੈਣ ਵਾਲਿਆਂ ਲਈ ਆਰਜ਼ੀ ਅਤੇ ਮੋਬਾਈਲ ਪਖਾਨੇ  ਬਣਾਉਣ। ਇਸੇ ਤਰ੍ਹਾਂ ਉਨ੍ਹਾਂ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋੜੀਂਦੀਆਂ ਮੈਡੀਕਲ ਟੀਮਾਂ ਤਾਇਨਾਤ ਕਰਨ ਅਤੇ ਐਮਰਜੈਂਸੀ ਮੌਕੇ ਦਵਾਈਆਂ ਅਤੇ ਐਂਬੂਲੈਂਸ ਮੁਹੱਈਆ ਕਰਵਾਉਣ ਲਈ ਵੀ ਕਿਹਾ।

ਮੀਟਿੰਗ ਵਿੱਚ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਗਲਾਡਾ ਦੇ ਏ.ਸੀ.ਏ. ਓਜਸਵੀ ਅਲੰਕਾਰ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

[wpadcenter_ad id='4448' align='none']