Sant Balbir Singh Seechewal
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਿਲਪੀਨ ਦੀ ਫੇਰੀ ’ਤੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਹਾਰ ਕੀਤਾ ਜਾ ਰਿਹਾ ਹੈ, ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਸੰਤ ਸੀਚੇਵਾਲ ਨੇ ਸ਼ੁੱਭਕਰਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਸੰਵਿਧਾਨਕ ਅਧਿਕਾਰ ਨਹੀਂ ਹੈ ਕਿ ਉਹ ਕਿਸਾਨਾਂ ਦੇ ਰਸਤਿਆਂ ਵਿਚ ਏਨੀਆਂ ਵੱਡੀਆਂ ਰੋਕਾਂ ਖੜ੍ਹੀਆਂ ਕਰੇ।
READ ALSO; ਪਾਣੀਪਤ ‘ਚ ਪਾਣੀ ਵਾਲੀ ਟੈਂਕੀ ‘ਚ ਡੁੱਬਣ ਕਾਰਨ ਬੱਚੇ ਦੀ ਮੌਤ..
ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਅੰਨਦਾਤਾ ਹਨ, ਨਾ ਕਿਸੇ ਦੁਸ਼ਮਣ ਦੇਸ਼ ਦੀ ਫੌਜ ਜਿਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾ ਰਿਹਾ ਹੈ। ਜਦੋਂ ਦੇਸ਼ ਭੁੱਖ ਨਾਲ ਲੜ ਰਿਹਾ ਸੀ ਤਾਂ ਪੰਜਾਬ ਦਾ ਕਿਸਾਨ ਆਪਣੇ ਖੇਤਾਂ ਵਿਚ ਮਿੱਟੀ ਨਾਲ ਮਿੱਟੀ ਹੋਇਆ ਪਿਆ ਸੀ। ਪੰਜਾਬ ਦੇ ਕਿਸਾਨਾਂ ਨੇ ਤਾਂ ਦੇਸ਼ ਦੀ ਭੁੱਖ ਮਿਟਾਉਣ ਲਈ ਆਪਣੇ ਬੱਚਿਆਂ ਦੇ ਹਿੱਸੇ ਦਾ ਪਾਣੀ ਵੀ ਮੁਕਾ ਦਿੱਤਾ ਹੈ ਤੇ ਫਿਰ ਵੀ ੳੇਨ੍ਹਾਂ ਨੂੰ ਵੱਖਰੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਕੇਂਦਰ ਸਰਕਾਰ ਨੂੰ ਮੰਨ ਲੈਣੀਆਂ ਚਾਹੀਦੀਆਂ ਹਨ। ਪਹਿਲੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਇਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਰਹੇ ਸਨ ਤੇ ਉਨ੍ਹਾਂ ਨੇ ਕੋਈ ਹਿੰਸਾ ਨਹੀਂ ਸੀ ਕੀਤੀ।
Sant Balbir Singh Seechewal