ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024:
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਦਫ਼ਤਰਾਂ ਨੂੰ ਹਦਾਇਤ ਕੀਤੀ ਹੈ ਕਿ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 1076 ਡਾਇਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਂਬੱਧ ਨਿਪਟਾਰਾ ਕਰਨ ਲਈ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ।
ਆਪਣੇ ਦਫ਼ਤਰ ਵਿਖੇ ਏ.ਡੀ.ਸੀਜ਼, ਐਸ.ਡੀ.ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੇ ਡਾਇਲ 1076 ‘ਤੇ ਪ੍ਰਾਪਤ ਹੋਈਆਂ ਕੁੱਲ ਬੇਨਤੀਆਂ 295 ਵਿੱਚੋਂ 160 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬਾਕੀ ਅਰਜ਼ੀਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ 43 ਸੇਵਾਵਾਂ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹਨ ਪਰ ਸਾਨੂੰ ਸੇਵਾ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ।
ਕੁਝ ਅਫਸਰਾਂ ਨੇ ਫੀਡਬੈਕ ਦਿੱਤਾ ਕਿ ਜ਼ਿਆਦਾਤਰ ਦਸਤਾਵੇਜ਼ ਪਟਵਾਰੀਆਂ/ਨੰਬਰਦਾਰਾਂ ਦੀਆਂ ਰਿਪੋਰਟਾਂ ਕਾਰਨ ਲੰਬਿਤ ਹਨ ਜਿਨ੍ਹਾਂ ਨੂੰ ਬਦਲਵੀਆਂ ਪ੍ਰਕਿਰਿਆਵਾਂ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਪਟਵਾਰੀਆਂ ਅਤੇ ਨੰਬਰਦਾਰਾਂ ਦੇ ਕਾਰਨ ਹੋਣ ਵਾਲੀ ਦੇਰੀ ਨੂੰ ਰੋਕਣ ਲਈ ਢੁਕਵਾਂ ਰਸਤਾ ਲੱਭਣ ਅਤੇ ਉਨ੍ਹਾਂ ਰਸਮਾਂ ਨੂੰ ਛੱਡਣ ਲਈ ਕਿਹਾ ਜਿੱਥੇ ਰਿਪੋਰਟ ਲਾਜ਼ਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਦਰਾਂ ‘ਤੇ ਸੇਵਾਵਾਂ ਦੀ ਸਪੁਰਦਗੀ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ ਅਤੇ ਸਾਨੂੰ ਨਿਪਟਾਰੇ ਵਿੱਚ ਬੇਲੋੜੀ ਦੇਰੀ ਨੂੰ ਟਾਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਅਸਲ ਵਿੱਚ ਸਾਨੂੰ ਲੋਕਾਂ ਦੀ ਸਹੂਲਤ ਲਈ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡੋਰ ਸਟੈਪ ਡਿਲੀਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਪਰਾਲਾ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਖ-ਵੱਖ ਦਫਤਰਾਂ ਵਿਚ ਜਾ ਕੇ ਉਨ੍ਹਾਂ ਦੇ ਕੰਮ ਕਰਵਾਉਣ ਚ ਆਉਂਦੀਆਂ ਮੁਸ਼ਕਿਲਾਂ ਨੂੰ ਖਤਮ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਲਈ ਸਾਨੂੰ ਕਿਸੇ ਵੀ ਪੱਧਰ ‘ਤੇ ਝਿਜਕ ਨਹੀਂ ਦਿਖਾਉਣੀ ਚਾਹੀਦੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੇਵਾ ਦੀ ਸਮੇਂ ਸਿਰ ਸਪੁਰਦਗੀ ਵਿੱਚ ਕੋਈ ਵੀ ਢਿੱਲ ਉਸ ਅਧਿਕਾਰੀ/ਕਰਮਚਾਰੀ ਨੂੰ ਮਹਿੰਗੀ ਪੈ ਸਕਦੀ ਹੈ ਜਿਸਦਾ ਲੌਗਇਨ ਸਮਾਂ ਸਮਾਂ-ਸੀਮਾ ਤੋਂ ਵੱਧ ਬਕਾਇਆ ਦਰਸਾਏਗਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 1076 ‘ਤੇ ਡਾਇਲ ਕਰਕੇ ਆਪਣਾ ਸਮਾਂ ਸਲਾਟ ਬੁੱਕ ਕਰਕੇ ਆਪਣੀ ਦਹਲੀਜ਼ ਤੇ ਸੇਵਾ ਪ੍ਰਾਪਤ ਕਰਨ ਅਤੇ ਸਰਕਾਰੀ ਦਫ਼ਤਰ ਜਾਣ ਦਾ ਆਪਣਾ ਕੀਮਤੀ ਸਮਾਂ ਬਚਾਉਣ।
ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।
ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮਜ਼ ਚੰਦਰਜੋਤੀ ਸਿੰਘ ਅਤੇ ਹਿਮਾਂਸ਼ੂ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫਸਰ ਇੰਦਰ ਪਾਲ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਸ਼ਾਮਲ ਸਨ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ
[wpadcenter_ad id='4448' align='none']