ਫ਼ਰੀਦਕੋਟ 23 ਅਪ੍ਰੈਲ,2024
ਐਸ.ਡੀ.ਐਮ ਫਰੀਦਕੋਟ ਡਾ. ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਅਤੇ ਰੋਕਥਾਮ ਸਬੰਧੀ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀਅਫਸਰ, ਫਰੀਦੋਕਟ ਡਾ.ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹਨਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਸਮੇਂ-ਸਮੇਂ ਦੌਰਾਨ ਨੋਡਲ ਅਫਸਰਾਂ ਅਤੇ ਕਲੱਸਟਰ ਅਫਸਰਾਂ ਵੱਲੋਂ ਖੇਤਾਂ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕੋਈ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਨੋਡਲ ਅਫਸਰ ਨਿੱਜੀ ਤੌਰ ਤੇ ਫੋਨ ਰਾਹੀਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਕਣਕ ਨੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਗੇ। ਉਹਨਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅੱਗ ਦੇ ਸਪਾਟ ਘਟਾਉਣ ਜਾਂ ਨਾ ਮਾਤਰ ਕਰਨ ਲਈ ਹਰ ਸੰਭਵ ਕੋਸਿਸ਼ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜਿੱਥੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਮੀਨ ਵਿੱਚ ਤੱਤਾਂ ਦੀ ਘਾਟ ਆਉਦੀ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਆਮ ਜਨਤਾ ਅਤੇ ਪਸ਼ੂ-ਪੰਛੀਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਦਸ਼ਾ ਬਣ ਜਾਂਦਾ ਹੈ। ਉਹਨਾਂ ਸਮੂਹ ਕਲੱਸਟਰ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤ ਵਿੱਚ ਰਲਾਉਣ ਜਾਂ ਤੂੜੀ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪਾਂ, ਨੁੱਕੜ ਮੀਟਿੰਗਾਂ, ਖੇਤ ਦਿਵਸ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਮੁਹਿੰਮ ਚਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।