ਮਾਨਸਾ, 16 ਅਗਸਤ:
ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ ’ਤੇ ਸਰਦੂਲਗੜ੍ਹ ਦੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਨਿਤੇਸ਼ ਜੈਨ, ਆਈ.ਏ.ਐਸ. ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਨਿਤੇਸ਼ ਜੈਨ ਨੇ ਆਪਣੇ ਸੰਦੇਸ਼ ’ਚ ਸਰਦੂਲਗੜ੍ਹ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ, ਵੱਖ-ਵੱਖ ਸੈਨਾਵਾਂ ਅਤੇ ਪੁਲਿਸ ਫੋਰਸਾਂ ਦੇ ਸ਼ਹੀਦਾਂ ਨੂੰ ਸਿਜ਼ਦਾ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਸ਼ਹੀਦ ਹੋਏ ਸੂਰਬੀਰ ਯੋਧਿਆਂ, ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਨੂੰ ਕੋਟਿਨ ਕੋਟਿਨ ਪ੍ਰਣਾਮ ਕਰਦੇ ਹਨ, ਜਿੰਨ੍ਹਾਂ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਅੱਗੇ ਕਿਹਾ ਜਿੰਨਾ ਸੰਘਰਸ਼ ਆਜ਼ਾਦੀ ਲੈਣ ਲਈ ਕਰਨਾ ਪਿਆ ਉਨਾ ਹੀ ਸੰਘਰਸ਼ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਮੂਹ ਸੁਰੱਖਿਆ ਸੈਨਾਵਾਂ ਨੂੰ ਸਿਜਦਾ ਹੈ, ਜੋ ਦਿਨ ਰਾਤ ਦੇਸ਼ ਦੀ ਸੇਵਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬੀ, ਹਮੇਸ਼ਾ ਦੇਸ਼ ਸੇਵਾ ਵਿੱਚ ਅੱਗੇ ਰਹੇ ਹਨ ਅਤੇ ਅੱਜ ਲੋੜ ਹੈ ਕਿ ਸਮਾਜਿਕ ਬੁਰਾਈਆਂ ਨਸ਼ਿਆਂ ਆਦਿ ਨੂੰ ਜੜ ਤੋਂ ਖਤਮ ਕਰਨ ਲਈ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਯੋਧਿਆਂ ਨੇ ਜੋ ਸੁਪਨੇ ਸੰਜੋਏ ਸਨ, ਉਨ੍ਹਾਂ ਨੂੰ ਪੂਰਾ ਕਰੀਏ। ਉਨਾਂ ਕਿਹਾ ਕਿ ਉਹ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦੇ ਹਨ।
ਆਜ਼ਾਦੀ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਾਮਨਿਤ ਕੀਤਾ ਗਿਆ।
ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ
Date: