10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਮਈ 2024 – 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਲੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ  ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

[wpadcenter_ad id='4448' align='none']