Wednesday, January 15, 2025

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

Date:

ਚੰਡੀਗੜ੍ਹ, 19 ਜੂਨ:

ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣਗੇ। ਇਸ ਤੋਂ ਇਲਾਵਾ ਇਹ ਪ੍ਰੋਜੈਕਟ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਦੇ ਨਾਲ ਨਾਲ ਹੁਨਰਮੰਦ ਅਤੇ ਗ਼ੈਰ-ਹੁਨਰਮੰਦ ਕਾਮਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੀ.ਬੀ.ਜੀ. ਪ੍ਰੋਜੈਕਟਾਂ ਲਈ ਭਰਪੂਰ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਵਿੱਚ ਹਰ ਸਾਲ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ ਲਗਭਗ 10 ਮਿਲੀਅਨ ਟਨ ਦਾ ਹੀ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ 462 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 32 ਹੋਰ ਪ੍ਰੋਜੈਕਟ ਅਲਾਟਮੈਂਟ ਪ੍ਰਕਿਰਿਆ ਅਧੀਨ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਾਲਾਨਾ ਲਗਭਗ 14.04 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ।

ਸ੍ਰੀ ਅਮਨ ਅਰੋੜਾ ਨੇ ਸੋਲਰ ਪੰਪ ਸਕੀਮ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਵਿੱਚ ਖੇਤੀਬਾੜੀ ਲਈ ਕਿਸਾਨਾਂ ਨੂੰ 20,000 ਨਵੇਂ ਸੋਲਰ ਪੰਪ ਮੁਹੱਈਆ ਕਰਵਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਡਾਰਕ ਜ਼ੋਨਾਂ ਵਿੱਚ
ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਹੀ ਅਲਾਟ ਕੀਤੇ ਜਾਣਗੇ, ਜਿਨ੍ਹਾਂ ਕੋਲ ਸਪ੍ਰਿੰਕਲਰ ਅਤੇ ਡਰਿੱਪ ਸਿੰਜਾਈ ਪ੍ਰਣਾਲੀ ਮੌਜੂਦ ਹੈ। ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਨੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੂੰ ਸੂਬੇ ਵਿੱਚ ਚੱਲ ਰਹੇ ਹਰੀ ਊਰਜਾ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

Share post:

Subscribe

spot_imgspot_img

Popular

More like this
Related