ਜਨਮ ਦਿਹਾੜੇ ‘ਤੇ ਵਿਸ਼ੇਸ਼: ਬਹਾਦਰੀ ਦੀ ਮਿਸਾਲ ਸਨ ਸ਼ਹੀਦ ਭਗਤ ਸਿੰਘ 

Shaheed Bhagat Singh Birthday

Shaheed Bhagat Singh Birthday

ਦੇਸ਼ ਦੀ ਆਜ਼ਾਦੀ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਦੋਂ ਯੋਧਿਆਂ ਦੀ ਗੱਲ ਤੁਰਦੀ ਹੈ ਤਾਂ ਭਗਤ ਸਿੰਘ ਦਾ ਨਾਂ ਆਪ ਮੁਹਾਰੇ ਸਾਹਮਣੇ ਆ ਜਾਂਦਾ ਹੈ । ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਜ਼ਿਲ੍ਹਾ ਲਾਇਲਪੁਰ ਦੇ ਪਿੰਡ ਬੰਗਾ (ਪੰਜਾਬ, ਮੌਜੂਦਾ ਪਾਕਿਸਤਾਨ) ਵਿਚ ਹੋਇਆ ਸੀ। ਉਨ੍ਹਾਂ ਦਾ ਜੱਦੀ ਘਰ ਅੱਜ ਵੀ ਭਾਰਤੀ ਪੰਜਾਬ ਦੇ ਨਵਾਂਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿਖੇ ਮੌਜੂਦ ਹੈ।

ਸ. ਭਗਤ ਸਿੰਘ ਦੇ ਪਰਿਵਾਰ ਬਾਰੇ
ਭਗਤ ਸਿੰਘ ਦੇ ਦਾਦਾ ਸ:ਅਰਜਨ ਸਿੰਘ ਇੱਕ ਵਾਹੀਕਾਰ ਅਤੇ ਨਾਲ-ਨਾਲ ਯੂਨਾਨੀ ਹਿਕਮਤ ਦਾ ਵੀ ਗਿਆਨ ਰੱਖਦੇ ਸਨ। ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਸਮਾਜ ਸੇਵਕ ਸਨ। 1906 ਵਿੱਚ ਕਿਸ਼ਨ ਸਿੰਘ ਕਾਂਗਰਸ ਦੇ ਮੈਂਬਰ ਬਣੇ ਅਤੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ । ਇਸ ਦੇ ਨਾਲ ਨਾਲ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੀ ਇੱਕ ਸਿਰਕੱਢ ਸਵਤੰਤਰਤਾ ਸੰਗਰਾਮੀ ਅਤੇ ਪ੍ਰਭਾਵਸ਼ਾਲੀ ਬੁਲਾਰੇ ਸਨ। ਭਗਤ ਸਿੰਘ ਆਪਣੇ ਚਾਚਾ ਅਜੀਤ ਸਿੰਘ ਦੀ ਸ਼ਖਸ਼ੀਅਤ ਤੋਂ ਵਧੇਰੇ ਪ੍ਰਭਾਵਿਤ ਸਨ ਅਤੇ ਇਸ ਦੇ ਨਾਲ ਨਾਲ ਭਗਤ ਦੇ ਕੋਮਲ ਹਿਰਦੇ ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਗਹਿਰਾ ਅਸਰ ਪਿਆ। ਇਹ ਵੀ ਕਿਹਾ ਜਾਂਦਾ ਹੈ ਕਿ ਭਗਤ ਸਿੰਘ ਸਰਾਭੇ ਦੀ ਫ਼ੋਟੋ ਹਮੇਸ਼ਾਂ ਆਪਣੀ ਜੇਬ ਵਿੱਚ ਰੱਖਿਆ ਕਰਦਾ ਸਨ। 

ਸਿੱਖਿਆ
ਭਗਤ ਸਿੰਘ ਦੀ ਸ਼ੁਰੂਆਤੀ ਤਾਲੀਮ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿਖੇ ਹੋਈ। ਇਸ ਤੋਂ ਬਾਅਦ ਉਹ ਡੀਏਵੀ ਹਾਈ ਸਕੂਲ ਲਾਹੌਰ ‘ਚ ਦਾਖ਼ਲ ਹੋਏ । 1923 ਵਿਚ ਉਨ੍ਹਾਂ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲਾ ਲੈ ਲਿਆ ਤੇ ਕਾਲਜ ਦੇ ਮਾਹੌਲ ਵਿਚ ਹੀ ਘੁਲਮਿਲ ਗਏ ਅਤੇ ਕਾਲਜ ਦੀ ਡਰਾਮਾ ਕਮੇਟੀ ਦੇ ਸਰਗਰਮ ਮੈਂਬਰ ਵਜੋਂ ਆਪਣੀ ਵੱਖਰੀ ਪਛਾਣ ਬਣਾਈ। ਇਸ ਦੌਰਾਨ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਇਕ ਲੇਖ ਮੁਕਾਬਲੇ ‘ਚੋਂ ਉਨ੍ਹਾਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਭਗਤ ਸਿੰਘ ਨੂੰ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਅਤੇ ਸੰਸਕ੍ਰਿਤ ਭਾਸ਼ਾਵਾਂ ‘ਤੇ ਖਾਸੀ ਸੀ। ਉਨ੍ਹਾਂ ਨੂੰ ਬੰਗਲਾ ਭਾਸ਼ਾ ਦਾ ਵੀ ਗਿਆਨ ਸੀ ‘ਬੰਗਲਾ’, ਜੋ ਉਨ੍ਹਾਂ ਨੇ ਬੁਟਕੇਸ਼ਵਰ ਦੱਤ ਤੋਂ ਸਿੱਖੀ ਸੀ। ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਹਿੱਸਾ ਬਣ ਕੇ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ।

13 ਅਪ੍ਰੈਲ 1919 ਜਲ੍ਹਿਆਂਵਾਲਾ ਬਾਗ ਕਾਂਡ
ਇਸੇ ਦੌਰਾਨ ਅੰਮ੍ਰਿਤਸਰ ’ਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਕਾਂਡ ਨੇ, ਜਿੱਥੇ ਦੇਸ਼ ਦੇ ਆਮ ਲੋਕਾਂ ਅਤੇ ਵਿਸ਼ੇਸ਼ ਕਰ ਸੁਤੰਤਰਤਾ ਸੰਗਰਾਮੀਆਂ ਦੇ ਦਿਲਾਂ ਨੂੰ ਵਲੂੰਧਰ ਕੇ ਰੱਖ ਦਿੱਤਾ, ਉੱਥੇ ਇਸ ਕਤਲੇਆਮ ਨੇ ਭਗਤ ਸਿੰਘ ਦੀ ਸੋਚ ਉੱਤੇ ਵੀ ਡੂੰਘਾ ਅਸਰ ਛੱਡਿਆ। ਅਗਲੇ ਦਿਨਾਂ ਵਿੱਚ ਓਹ ਅਮ੍ਰਿਤਸਰ ਚਲੇ ਗਏ ਤੇ ਉਸ ਬਾਗ ਵਿਚੋਂ ਖੂਨ ਨਾਲ ਭਰੀ ਮਿਟੀ ਆਪਣੇ ਨਾਲ ਲੈਕੇ ਵਾਪਸ ਆਏ। ਇਸ ਘਟਨਾ ਨੇ ਉਨ੍ਹਾ ਦੇ ਦਿਲ ’ਚ ਅੰਗਰੇਜ਼ਾਂ ਖਿਲਾਫ਼ ਨਫਰਤ ਭਰ ਦਿੱਤੀ। 1921 ’ਚ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਵੀ ਉਨ੍ਹਾਂ ਦੇ ਮਨ ’ਤੇ ਡੂੰਘੀ ਛਾਪ ਛੱਡੀ। ਉਹ ਆਪਣੇ ਪਿੰਡ ਵਿੱਚੋਂ ਲੰਘੇ ਜਾਂਦੇ ਅੰਦੋਲਨ ਕਾਰੀਆਂ ਨੂੰ ਲੰਗਰ ਛਕਾਇਆ ਕਰਦੇ ਸਨ। ਫਿਰ ਗਾਂਧੀ ਦਾ ਅੰਦੋਲਨ ਸ਼ੁਰੂ ਹੋਇਆ ਤੇ ਕਿੰਨੇ ਨੌਜਵਾਨ ਸਕੂਲਾਂ ਤੇ ਕਾਲਜਾਂ ਨੂੰ ਛੱਡ ਆਜ਼ਾਦੀ ਦੀ ਲੜਾਈ ’ਚ ਕੁੱਦ ਪਏ, ਇਨ੍ਹਾਂ ’ਚੋਂ ਭਗਤ ਸਿੰਘ ਵੀ ਇਕ ਸੀ। 

Shaheed Bhagat Singh Birthday

ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ
ਭਗਤ ਸਿੰਘ ਜਦੋਂ ਕਾਨਪੁਰ ਪਹੁੰਚੇ ਤਾਂ ਉਹ ਉਥੇ ਸ਼ੰਕਰ ਵਿਦਿਆਰਥੀ, ਬੀ .ਕੇ .ਦਤ, ਚੰਦਰ ਸ਼ੇਖਰ ਅਜਾਦ ਤੇ ਕੁਝ ਹੋਰ ਬੰਗਾਲੀ ਕ੍ਰਾਂਤੀਕਾਰੀਆਂ ਦੇ ਸੰਪਰਕ ਵਿਚ ਆਏ ਅਤੇ ,”ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਦੇ ਮੈਂਬਰ ਬਣ ਗਏ । ਉਨ੍ਹਾਂ ਦਿਨਾਂ ਵਿਚ ਗੁਰੁਦਵਾਰਿਆਂ ਦੀ ਆਜ਼ਾਦੀ ਲਈ ਜੈਤੋਂ ਦਾ ਮੋਰਚਾ ਲਗਾ ਹੋਇਆ ਸੀ ਜਿਸਦਾ ਉਨ੍ਹਾਂ ਪੂਰੇ ਇੱਕਠ ਨੂੰ ਲੰਗਰ ਛਕਾਇਆ ਜਿਸ ਦੇ ਫਲਸਰੂਪ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਰੰਟ ਜਾਰੀ ਹੋਏ । ਜਦੋਂ ਕਿ 1927 ਵਿਚ ਨੋਜਵਾਨ ਭਾਰਤ ਸਭਾ ਦੀ ਨੀਂਹ ਰਖੀ ਗਈ। ਜਿਸਦਾ ਬਾਅਦ ਵਿਚ ਨਾਂ ਬਦਲਕੇ “ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਰੱਖ ਦਿੱਤਾ ਗਿਆ। ਚੰਦਰ ਸ਼ੇਖਰ ਅਜਾਦ ਤੇ ਭਗਤ ਸਿੰਘ ਇਸਦੇ ਸੰਚਾਲਕ ਸਨ। ਇਸੇ ਦੌਰਾਨ 1927 ਵਿੱਚ ਕਾਕੋਰੀ ਕਾਂਡ (ਰੇਲਗੱਡੀ ਡਾਕੇ) ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਉੱਤੇ ਲਾਹੌਰ ਅਤੇ ਦੁਸਹਿਰੇ ਮੇਲੇ ਦੌਰਾਨ ਬੰਬ ਸੁਟਣ ਦਾ ਵੀ ਦੋਸ਼ ਮੜ੍ਹਿਆ ਗਿਆ। ਕੁਝ ਸਮੇਂ ਬਾਅਦ ਚੰਗੇ ਵਿਵਹਾਰ ਕਾਰਨ ਜ਼ਮਾਨਤ ਦੀ ਭਾਰੀ ਰਕਮ ਦੇ ਇਵਜ਼ ‘ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।ਭਗਤ ਸਿੰਘ ਨੇ ਸੰਘਰਸ਼ ਜਾਰੀ ਰੱਖਿਆ ਅਤੇ ਦੇਸ਼ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। 

ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ
ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਤੇ ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ ਵਿਚ ਸਹਾਇਕ ਪੁਲਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰ-ਮੁਕਾਇਆ। ਇਸ ਕਾਰਨਾਮੇ ਨੂੰ ਅੰਜਾਮ ਦੇਣ ਲਈ ਚੰਦਰ ਸ਼ੇਖਰ ਆਜ਼ਾਦ ਨੇ ਵੀ ਆਪ ਦੀ ਸਹਾਇਤਾ ਕੀਤੀ। ਆਪਣੇ ਇਕ ਹੋਰ ਕ੍ਰਾਂਤੀਕਾਰੀ ਸਾਥੀ ਬੁਟਕੇਸ਼ਵਰ ਦੱਤ ਦੇ ਨਾਲ ਮਿਲ ਕੇ ਆਪ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿਚ 8 ਅਪ੍ਰੈਲ 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਅਤੇ ਪਰਚੇ ਸੁੱਟੇ। ਬੰਬ ਸੁੱਟਣ ਉਪਰੰਤ ਦੋਵਾਂ ਨੇ ਉੱਥੇ ਗ੍ਰਿਫ਼ਤਾਰੀ ਦੇ ਦਿੱਤੀ।

ਆਰਟੀਕਲ ‘ਮੈਂ ਨਾਸਤਕ ਕਿਉਂ ਹਾਂ’ 
ਜੇਲ੍ਹ ਵਿਚ ਭਗਤ ਸਿੰਘ ਨੇ ਲਗਪਗ 2 ਸਾਲ ਗੁਜ਼ਾਰੇ। ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਜ਼ਰਾ ਵੀ ਕੋਸ਼ਿਸ਼ ਨਹੀਂ ਕੀਤੀ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤਕ ਲੜਨ ਦਾ ਐਲਾਨ ਕੀਤਾ। ਮਜ਼ਦੂਰਾਂ ਦਾ ਸ਼ੋਸ਼ਣ ਕਰਨ ਵਾਲੇ ਪੂੰਜੀਪਤੀਆਂ ਨੂੰ ਉਨ੍ਹਾਂ ਆਪਣਾ ਦੁਸ਼ਮਣ ਐਲਾਨਿਆ। ਉਨ੍ਹੀਂ ਦਿਨੀਂ ਉਨ੍ਹਾਂ ਇਕ ਆਰਟੀਕਲ ਲਿਖਿਆ ਜਿਸ ਦਾ ਸਿਰਲੇਖ਼ ਸੀ ‘ਮੈਂ ਨਾਸਤਕ ਕਿਉਂ ਹਾਂ।’ ਜੇਲ੍ਹ ਵਿਚ ਭਗਤ ਸਿੰਘ ਅਤੇ ਉਸ ਦੇ ਬਾਕੀ ਸਾਥੀਆਂ ਨੇ 64 ਦਿਨਾਂ ਤਕ ਭੁੱਖ ਹੜਤਾਲ ਕੀਤੀ ਜੋ ਗਾਂਧੀਵਾਦੀ ਤਰੀਕਿਆਂ ਦੀ ਅਦੁੱਤੀ ਮਿਸਾਲ ਹੈ। ਭਗਤ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਾਹੌਰ ਵਿਚ ਸਾਂਡਰਸ ਦੇ ਕਤਲ, ਅਸੈਂਬਲੀ ਵਿਚ ਬੰਬ ਧਮਾਕਾ ਆਦਿ ਕੇਸ ਚੱਲੇ। 

ਕੈਦ ਅਤੇ ਫਾਂਸੀ ਦੀ ਸਜ਼ਾ
ਸੱਤ ਅਕਤੂਬਰ 1930 ਨੂੰ ਟ੍ਰਿਬਿਊਨਲ ਦਾ ਫ਼ੈਸਲਾ ਜੇਲ੍ਹ ਵਿਚ ਪਹੁੰਚਿਆ, ਜਿਸ ਅਨੁਸਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ, ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਵੀਰ ਸਿੰਘ ਨੂੰ ਉਮਰ ਕੈਦ, ਕੁੰਦਨ ਲਾਲ ਨੂੰ 7 ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਬੁਟਕੇਸ਼ਵਰ ਦੱਤ ਅਤੇ ਭਗਤ ਸਿੰਘ ਨੂੰ ਅਸੈਂਬਲੀ ਬੰਬ ਕਾਂਡ ਲਈ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਅਤੇ 23 ਮਾਰਚ 1931 ਨੂੰ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈ। ਇਹ ਵੀ ਕਿਹਾ ਜਾਂਦਾ ਹੈ ਕਿ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਫਾਂਸੀ ਉਪਰੰਤ ਅਵਾਮ ਦਾ ਕੋਈ ਅਹਿਤਜਾਜ ਜਾਂ ਅੰਦੋਲਨ ਨਾ ਭੜਕ ਜਾਵੇ, ਇਸ ਡਰੋਂ ਅੰਗਰੇਜ਼ਾਂ ਨੇ ਪਹਿਲਾਂ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜੇ ਕੀਤੇ ਅਤੇ ਫਿਰ ਬੋਰੀਆਂ ਵਿਚ ਭਰ ਕੇ ਫਿਰੋਜ਼ਪੁਰ ਵੱਲ ਲੈ ਗਏ। ਜਿੱਥੇ ਮਿੱਟੀ ਦਾ ਤੇਲ ਪਾ ਕੇ ਉਨ੍ਹਾਂ ਨੂੰ ਸਾੜਿਆ ਗਿਆ ਤੇ ਅੱਧ-ਸੜੀਆਂ ਲਾਸ਼ਾਂ ਸਤਲੁਜ ਦਰਿਆ ‘ਚ ਸੁੱਟ ਦਿੱਤੀਆਂ।

ਫਾਂਸੀ ਮਗਰੋਂ ਦਿੱਲੀ ਵਿਖੇ ਹੋਏ ਜਲਸੇ
ਭਗਤ ਸਿੰਘ ਨੂੰ ਫਾਂਸੀ ਲਗਾਏ ਜਾਣ ਬਾਅਦ ਦਿਲੀ ਵਿਖੇ ਹੋਏ ਇਕ ਜਲਸੇ ’ਚ ਸੁਭਾਸ਼ ਚੰਦਰ ਬੋਸ ਨੇ ਕਿਹਾ ਸੀ ਕਿ ‘ਭਗਤ ਸਿੰਘ ਇੱਕ ਵਿਅਕਤੀ ਨਹੀਂ -ਉਹ ਇਕ ਨਿਸ਼ਾਨ ਹੈ , ਇਕ ਚਿੰਨ ਹੈ ਉਸ ਇਨਕਲਾਬ ਦਾ, ਜਿਹੜਾ ਉਸ ਦੀਆਂ ਕੁਰਬਾਨੀਆਂ ਸਦਕਾ ਹਰ ਦੇਸ਼ ਵਾਸੀ ਦੇ ਸੀਨੇ ਵਿਚ ਮਘਦੀ ਅੱਗ ਦੀ ਤਰਾਂ ਬਲ ਉਠਿਆ ਹੈ”। ਪੰਡਤ ਜਵਾਹਰ ਲਾਲ ਨੇ ਲਿਖਿਆ ਸੀ ਕਿ ” ਇਹ ਨੌਜਵਾਨ ਗੱਭਰੂ ਅਚਨਚੇਤ ਇਤਨਾ ਹਰਮਨ ਪਿਆਰਾ ਹੋ ਗਿਆ ਹੈ। ਸਾਨੂੰ ਉਸਦੀ ਸ਼ਹਾਦਤ ਤੋਂ ਸਬਕ ਸਿਖਣਾ ਚਾਹੀਦਾ ਹੈ ਕਿ ਦੇਸ਼ ਤੇ ਕੌਮ ਦੀ ਆਜ਼ਾਦੀ ਲਈ ਕਿਵੇਂ ਹੱਸ ਹੱਸ ਕੇ ਮਰਿਆ ਜਾਂਦਾ ਹੈ”

Shaheed Bhagat Singh Birthday

ਅੱਜ ਦੇਸ਼ ਨੂੰ ਆਜ਼ਾਦ ਹੋਇਆਂ 77 ਸਾਲ ਤੋਂ ਉੱਪਰ ਹੋ ਚੁੱਕੇ ਹਨ। ਪਰ ਅਫਸੋਸ ਕਿ ਹਾਲੇ ਤੱਕ ਦੇਸ਼ ਉਹੋ ਜਿਹਾ ਨਹੀਂ ਬਣ ਸਕਿਆ ਜਿਹੋ ਜਿਹੇ ਭਾਰਤ ਦੀ ਭਗਤ ਸਿੰਘ ਜਿਹੇ ਸ਼ਹੀਦਾਂ ਨੇ ਕਾਮਨਾ ਅਤੇ ਕਲਪਨਾ ਕੀਤੀ ਸੀ। ਦੇਸ਼ ’ਚ ਅੱਜ ਗ਼ਰੀਬੀ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਆਪਣੀ ਚਰਮ ਸੀਮਾ ਤੇ ਹੈ ਤੇ ਬੇਰੁਜ਼ਗਾਰੀ ਅਤੇ ਗਰੀਬੀ ਆਂਕੜਾ ਦਿਨ-ਬ-ਦਿਨ ਹੋਰ ਵਧੇਰੇ ਡਰਾਉਣਾ ਹੁੰਦਾ ਜਾ ਰਿਹਾ ਹੈ। 

ਅੱਜ ਲੱਗਦਾ ਹੈ ਕਿ ਮੌਜੂਦਾ ਸ਼ਾਸਕਾਂ ਨੂੰ ਦੇਸ਼ ਨੂੰ ਦਰਪੇਸ਼ ਮਸਲਿਆਂ ਦੀ ਭੋਰਾ ਚਿੰਤਾ ਨਹੀਂ। ਸ਼ਾਇਦ ਇਹੋ ਵਜ੍ਹਾ ਹੈ ਕਿ ਅਵਾਮ ਦਾ ਉਕਤ ਗੰਭੀਰ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਹੁਕਮਰਾਨ ਜਮਾਤ ਨੇ ਲਗਭਗ ਸਾਰੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨੂੰ ਆਪਣੇ ਮਾ-ਤਹਿਤ ਕਰ ਰੱਖਿਆ ਹੈ ਤੇ ਨਤੀਜੇ ਵਜੋਂ ਉਕਤ ’ਚੋਂ ਬੇਸ਼ਤਰ ਮੀਡੀਆ ਸਰਕਾਰ ਨੂੰ ਉਨ੍ਹਾਂ ਦੀ ਨਾਕਾਮੀ ਤੇ ਸੁਆਲ ਕਰਨ ਦੀ ਥਾਂ ਉਸ ਦੀਆਂ ਹਰ ਜਾਇਜ਼ ਨਾਜਾਇਜ ਨੀਤੀਆਂ ਦਾ ਗੁਣਗਾਨ ਕਰਨ ਲੱਗੇ ਹਨ। 

ਜੇਕਰ ਪਿਛਲੇ ਕੁੱਝ ਸਾਲਾਂ ਮੀਡੀਆ ਦੇ ਰਵੱਈਏ ਦਾ ਵਿਸ਼ਲੇਸ਼ਣ ਕਰੀਏ ਤਾਂ ਇਹ ਜਾਪਦਾ ਹੈ ਅਤੇ ਅਕਸਰ ਮੌਜੂਦਾ ਮੀਡੀਆ ਕਿਸੇ ਦਿੱਤੀ ਹੋਈ ਸਕਰਿਪਟ ਤੇ ਕੰਮ ਕਰ ਰਹੇ ਹਨ ਅਤੇ ਲੋਕਾਂ ਦੇ ਜਰੂਰੀ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਜਾਣਬੁੱਝ ਕੇ ਨਜਰ ਅੰਦਾਜ ਕਰ ਰਹੇ ਹਨ। ਇਸ ਦੌਰਾਨ ਉਹ ਬੇਲੋੜੇ ਅਤੇ ਆਧਾਰਹੀਣ ਇਸ਼ੂ ਪੈਦਾ ਕਰ ਭੋਲੇ-ਭਾਲੇ ਲੋਕਾਂ ਦੀ ਬੁੱਧੀ ਦਾ ਸੋਸ਼ਣ ਕਰਦੇ ਜਾਪਦੇ ਹਨ । ਉਨ੍ਹਾਂ ਦੀਆਂ ਅਕਸਰ ਬਹਿਸਾਂ ਹਿੰਦੂ ਮੁਸਲਮ ਵਿਸ਼ਿਆਂ ਦੇ ਇਰਦ-ਗਿਰਦ ਘੁੰਮਦੀਆਂ ਹਨ ਜਾਂ ਕਿਸੇ ਹੀਰੋ ਦੇ ਖੁਦਕੁਸ਼ੀ ਮਾਮਲੇ ਜਾਂ ਫਿਰ ਕਿਸੇ ਹੈਰੋਇਨ ਦੇ ਡਰਗਜ ਕੇਸਾਂ ਦੀ ਤਫਤੀਸ਼ ਕਰਦੇ ਮਹਿਸੂਲ ਹੁੰਦੇ ਹਨ।  ਜਿਥੋਂ ਤਕ ਸਰਕਾਰ ਦੁਆਰਾ ਘੜੀਆਂ ਜਾਂਦੀਆਂ ਨੀਤੀਆਂ ਦਾ ਸੁਆਲ ਹੈ ਉਸ ਦੀਆਂ ਵਧੇਰੇ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਘੜੀਆਂ ਜਾ ਰਹੀਆਂ ਪ੍ਰਤੀਤ ਹੁੰਦੀਆਂ ਹਨ।

ਇਸ ਦੀਆਂ ਸੱਜਰੀਆਂ ਉਦਾਹਰਣਾਂ ਹਾਲ ਹੀ ਵਿਚ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਆਰਡੀਨੈਂਸਾਂ ਅਤੇ ਮਜਦੂਰਾਂ ਦੇ ਸੰਦਰਭ ਵਿੱਚ ਪ੍ਰਚਲਿਤ ਕਾਨੂੰਨ ਵਿਚ ਕੀਤੀਆਂ ਗਈਆਂ ਤਰਮੀਮਾਂ ਤੋਂ ਮਿਲਦੀਆਂ ਹਨ। ਇਹ ਸਰਕਾਰ ਦੁਆਰਾ ਇਨ੍ਹਾਂ ਬਿਲਾਂ ਦੇ ਲੱਖ ਲਾਭ ਘਿਨਾਉਣ ਦੇ ਬਾਵਜੂਦ ਵੀ ਜਿਸ ਤਰ੍ਹਾਂ ਅੱਜ ਕਿਸਾਨ ਅਤੇ ਮਜ਼ਦੂਰ ਵਰਗ ਉਕਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੜਕਾਂ ਤੇ ਉੱਤਰ ਆਇਆ ਹੈ ਉਹ ਯਕੀਨਨ ਦੇਸ਼ ਲਈ ਕੋਈ ਸ਼ੁਭ ਸੰਕੇਤ ਨਹੀਂ ਹਨ। 

Read Also : ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅੱਜ ਸਾਡੇ ਦੇਸ਼ ਦੀ ਸਮੁੱਚੀ ਅਵਾਮ ਅਤੇ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਵਾਰਥਾਂ ਦਾ ਤਿਆਗ ਕਰਦਿਆਂ ਦੇਸ਼ ਅੰਦਰ ਅਮਨ-ਅਮਾਨ ਦਾ ਖ਼ੁਸ਼ਗਵਾਰ ਮਾਹੌਲ ਸਿਰਜਣ ਨੂੰ ਪਹਿਲ ਦੇਣ। ਵਿਸ਼ੇਸ਼ ਤੌਰ ਤੇ ਸਮੇਂ ਦੀਆਂ ਸਰਕਾਰਾਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਜੋ ਨੀਤੀਆਂ ਅਤੇ ਕਾਨੂੰਨ ਬਣਾਉਣ ਉਨ੍ਹਾਂ ਵਿਚ ਗਰੀਬ ਕਿਸਾਨ ਅਤੇ ਮਜ਼ਦੂਰ ਵਰਗ ਦੇ ਅਧਿਕਾਰਾਂ ਦੀ ਰਾਖੀ ਵੱਲ ਉਚੇਚਾ ਧਿਆਨ ਦੇਣ। ਅੱਜ ਦੇਸ਼ ਅੰਦਰ ਅਜਿਹਾ ਵਾਤਾਵਰਨ ਸਿਰਜਣ ਦੀ ਲੋੜ ਹੈ ਜਿਸ ਵਿਚ ਦੇਸ਼ ਦਾ ਹਰ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰੇ।

ਜੇਕਰ ਦੇਸ਼ ਦੇ ਲੋਕ ਆਪਣੇ ਹੀ ਦੇਸ਼ ’ਚ ਆਪਣੇ ਹੀ ਹੁਕਮਰਾਨਾਂ ਤੋਂ ਅਸੁਰੱਖਿਆ ਅਤੇ ਬੇ-ਯਕੀਨੀ ਮਹਿਸੂਸ ਕਰਦੇ ਹਨ ਤਾਂ ਅਜਿਹੀ ਫਿਕਰ ਕਿਸੇ ਵੀ ਦੇਸ਼ ਜਾਂ ਕੌਮ ਲਈ ਕਦਾਚਿਤ ਦਰੁਸਤ ਨਹੀਂ ਹੈ। ਇਸ ਸਮੇਂ ਦੇਸ਼ ਦੇ ਸਾਸ਼ਕਾਂ ਨੂੰ ਚਾਹੀਦਾ ਹੈ ਕਿ ਉਹ ਦੇਸ਼ ਦੇ ਲੋਕਾਂ ਵਿੱਚ ਮੌਜੂਦਾ ਸਮੇਂ ਪਾਈ ਜਾਣ ਵਾਲੀ ਬੇ-ਯਕੀਨੀ ਨੂੰ ਖਤਮ ਕਰਦਿਆਂ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ। ਅਸੀਂ ਸਮਝਦੇ ਹਾਂ ਅਜੋਕੇ ਹਾਲਾਤ ਵਿਚ ਦੇਸ਼ ਦੇ ਆਗੂਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਇਹੋ ਸੱਚਾ ਨਮਨ ਹੋਵੇਗਾ ਅਤੇ ਇਹੋ ਸੱਚੀ ਸ਼ਰਧਾਂਜਲੀ..!

Shaheed Bhagat Singh Birthday

[wpadcenter_ad id='4448' align='none']