Monday, January 27, 2025

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

Date:


ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ:

ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ, 2024 ਤੱਕ ਫ਼ਤਹਿਗੜ੍ਹ  ਸਾਹਿਬ ਵਿਖੇ ਕਰਵਾਇਆ ਜਾਵੇਗਾ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨਾਲ ਸ਼ਹੀਦੀ ਸਭਾ ਦੇ ਸਮਾਗਮ ਵਾਲੇ ਸਥਾਨ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਸਾਰੇ ਡੀਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਬਲ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸੰਗਤਾਂ ਨਾਲ ਨਿਮਰਤਾ ਨਾਲ ਵਿਵਹਾਰ ਕਰਨ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਪੂਰੀ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਉਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਾਲ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਤਾਂ ਜੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਵਿਵਸਥਾ ਲਈ ਪੂਰੇ ਇਲਾਕੇ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇੱਕ ਵਿਸ਼ੇਸ਼ ਰੂਟ ਨੂੰ ਐਮਰਜੈਂਸੀ ਕੇਸ ਵਿੱਚ ਵੀਆਈਪੀ ਰੂਟ ਵਜੋਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ), ਖਾਲਸਾ ਏਡ, ਨੈਸ਼ਨਲ ਕੈਡੇਟ ਕੋਰਪਸ (ਐਨ.ਸੀ.ਸੀ.) ਅਤੇ ਹੋਰ ਐਨ.ਜੀ.ਓਜ਼. ਵਲੰਟੀਅਰ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਟ੍ਰੈਫਿਕ ਅਤੇ ਪਾਰਕਿੰਗ ਵਿਵਸਥਾ ‘ਤੇ ਨਿਗਾਰਨੀ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹਾਇਤਾ ਲਈ ਛੇ ਸਹਾਇਤਾ ਕੇਂਦਰ, ਜਿਨ੍ਹਾਂ ਵਿੱਚ ਇੱਕ ਪੁਲਿਸ ਡੈਸਕ, ਸੂਚਨਾ ਡੈਸਕ ਅਤੇ ਮੈਡੀਕਲ ਸਹਾਇਤਾ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ।

Share post:

Subscribe

spot_imgspot_img

Popular

More like this
Related

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਚੰਡੀਗੜ੍ਹ/ਨਵਾਂਸ਼ਹਿਰ, 26 ਜਨਵਰੀ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ...

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ,...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ...