ਜਿ਼ਲ੍ਹੇ ਵਿੱਚ ਹੁਣ ਤੱਕ 65 ਹਜ਼ਾਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਬਿਜਾਈ

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ
                         ਸ਼੍ਰੀਮਤੀ ਬਲਜੀਤ ਕੌਰ, ਮਾਨਯੋਗ ਉਪਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਜੀ ਦੀ ਪ੍ਰਧਾਨਗੀ ਹੇਠ ਸਾਰੇ ਵੈਰੀਫਕੇਸ਼ਨ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
                         ਉਪਮੰਡਲ ਮੈਜਿਸਟੇ੍ਰਟ ਨੇ  ਹਦਾਇਤਾਂ ਕੀਤੀ ਕਿ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਮੌਕੇ ਤੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇ, ਇਸ ਕੰਮ ਨੂੰ ਪਾਰਦਰਸ਼ੀ ਢੰਗ ਅਤੇ ਪੂਰੀ ਤਨਦੇਹੀ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਨਾ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਨੰਬਰਦਾਰ ਦਾ ਸਹਿਯੋਗ ਲਿਆ ਜਾਵੇ।
               ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।

                      ਸ.ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ। ਸਿੱਧੀ ਬਿਜਾਈ ਵਾਲੇ ਖੇਤ ਵਿੱਚ, ਕੱਦੂ ਕਰਕੇ ਲਗਾਏ ਝੋਨੇ ਦੇ ਖੇਤ ਨਾਲੋਂ, ਫ਼ਸਲ ਦਾ ਝਾੜ ਤਕਰੀਬਨ ਇੱਕ ਕੁਇੰਟਲ ਪ੍ਰਤੀ ਏਕੜ ਜਿ਼ਆਦਾ ਨਿਕਲਦਾ ਹੈ।
     ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਵੱਲੋਂ ਝੋਨੇਂ ਦੀ ਸਿੱਧੀ ਬਿਜਾਈ ਕਰਨ ਸਬੰਧੀ ਕਾਫ਼ੀ ਉਤਸ਼ਾਹ ਦਿਖਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 45000 ਏਕੜ ਰਕਬੇ ਤੇ ਸਿੱਧੀ ਬਿਜਾਈ ਕਰਨ ਦਾ ਟੀਚਾ ਜਾਰੀ ਕੀਤਾ ਗਿਆ ਸੀ ਅਤੇ ਜਿਲ੍ਹੇ ਅੰਦਰ ਕਿਸਾਨਾਂ ਵੱਲੋ ਹੁਣ ਤੱਕ ਲਗਭੱਗ 65000 ਏਕੜ ਰਕਬੇ ਤੇ ਬਿਜਾਈ ਕਰਨ ਉਪਰੰਤ ਸਰਕਾਰ ਵੱਲੋ ਪ੍ਰੋਤਸਾਹਨ ਰਾਸ਼ੀ ਜਾਰੀ ਕਰਨ ਲਈ ਤਿਆਰ ਕੀਤੇ ਪੋਰਟਲ ਤੇ ਰਕਬਾ ਰਜਿਸ਼ਟਰ ਕੀਤਾ ਜਾ ਚੁੱਕਾ ਹੈ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਝੋਨੇਂ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਰਾਜ ਦੇ ਸਾਰੇ ਜਿਲਿਆਂ ਤੋ ਮੋਹਰੀ ਹੈ।
                    ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ 87  ਵੈਰੀਫਿਕੇਸ਼ਨ ਅਫਸਰ ਅਤੇ 4 ਇੰਚਾਰਜ਼ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਇਨ੍ਹਾਂ ਵੈਰੀਫਿਕੇਸ਼ਨ ਅਫਸਰਾਂ ਵੱਲੋ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਮੌਕੇ ਤੇ ਖੇਤਾਂ ਵਿੱਚ ਜਾ ਕੇ ਕੀਤੀ ਜਾ ਰਹੀ ਹੈ।
                  ਉਨਾਂ ਵੱਲੋ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੈਰੀਫਿਕੇਸ਼ਨ ਸਮੇਂ ਵੈਰੀਫਿਕੇਸ਼ਨ ਅਫਸਰਾਂ ਨੂੰ ਸਹਿਯੋਗ ਦੇਣ। ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਤੇ ਰਜਿਸਟ੍ਰੇਸ਼ਨ ਲਈ ਅੰਤਿਮ 30 ਜੂਨ 2024 ਤੋਂ ਵਧਾ ਕੇ 15 ਜੁਲਾਈ 2024 ਕਰ ਦਿੱਤੀ ਗਈ ਹੈ।

[wpadcenter_ad id='4448' align='none']