ਕੋਟਕਪੂਰਾ 10 ਅਗਸਤ,2024
ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਨਿਰਧਾਰਿਤ ਸਮੇਂ ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ।
ਪੱਤਰਕਾਰਾਂ ਵੱਲੋਂ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਉਹਨਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਅਤੇ ਹਸਪਤਾਲ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਸਿਹਤ ਅਮਲੇ ਨੂੰ ਕਿਹਾ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਨਾ ਆਵੇ।
ਉਨ੍ਹਾਂ ਕਿਹਾ ਕਿ ਹਰ ਕਰਮਚਾਰੀ ਦੀ ਕੋਸ਼ਿਸ਼ ਹੋਵੇ ਕਿ ਸਰਕਾਰੀ ਸਕੀਮ ਦਾ ਲਾਭ ਹਰ ਮਰੀਜ ਨੂੰ ਮਿਲ ਸਕੇ । ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਇਆ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਿਮਾਰੀਆਂ ਨਾ ਪੈਦਾ ਹੋ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਰਕਾਰ ਨੂੰ ਸਹਿਯੋਗ ਦੇਈਏ।