ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਹੋ ਰਹੇ ਹਨ ਸਹਾਈ ਸਿੱਧ

ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

ਇਸ ਮੌਕੇ ਐਸਡੀਐਮ ਮੈਡਮ ਇਨਾਯਤ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ।

ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਨੂੰ “ਨਿਵੇਕਲੀ ਪਹਿਲਕਦਮੀ” ਦੱਸਦਿਆਂ ਐਸਡੀਐਮ ਇਨਾਯਤ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।

ਕੈਂਪ ਦੌਰਾਨ ਪਿੰਡ ਭੋਖੜਾ ਤੋਂ ਇਲਾਵਾ ਅਮਰਗੜ੍ਹ, ਖਿਆਲੀਵਾਲਾ, ਗੋਨਿਆਣਾ, ਹਰਰਾਏਪੁਰ ਅਤੇ ਨੇਹੀਆਂਵਾਲਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਅਤੇ ਪੈਨਸ਼ਨਾਂ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਡੀ.ਸੀ. ਦਫ਼ਤਰ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨ ਨਾਲ ਹੁਣ ਆਮ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੋਂ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']