ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਮਾਸਟਰ ਜਗਸੀਰ ਸਿੰਘ

ਨਥਾਣਾ (ਬਠਿੰਡਾ) : 11 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਅਧੀਨ ਪੈਂਦੀ ਨਗਰ ਪੰਚਾਇਤ ਨਥਾਣਾ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ਼ ਅਹਿਮਦ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ ਅਤੇ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਨੂੰ “ਨਿਵੇਕਲੀ ਪਹਿਲਕਦਮੀ” ਦਸਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।  

ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਨੇ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਧੰਨਵਾਦ ਕਰਦਿਆਂ “ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿਚ ਵੱਖ-ਵੱਖ ਵਿਭਾਗਾਂ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਪਸੀ ਭਾਈਚਾਰਕ ਸਾਂਝ ਤੇ ਜ਼ੋਰ ਦਿੰਦਿਆਂ ਕਿਹਾ ਕਿ ਛੋਟੇ-ਛੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰ ਲੈਣਾ ਚਾਹੀਦਾ ਹੈ।

ਇਸ ਮੌਕੇ ਨਗਰ ਪੰਚਾਇਤ ਨਥਾਣਾ ਤੋਂ ਇਲਾਵਾ ਭੁੱਚੋ ਮੰਡੀ, ਭੁੱਚੋ ਕਲਾਂ, ਭੁੱਚੋ ਖੁਰਦ, ਬੀਬੀਵਾਲਾ ਅਤੇ ਚੱਕ ਫਤਹਿ ਸਿੰਘ ਵਾਲਾ ਆਦਿ ਨੇੜਲੇ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਜ਼ਿਆਦਾਤਰ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਨਾਲੀਆਂ ਦੀ ਮੁਰੰਮਤ, ਛੱਪੜਾਂ ਦੇ ਓਵਰ ਫਲੋਅ ਹੋਣ ਅਤੇ ਨਜਾਇਜ਼ ਕਬਜ਼ੇ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ, ਪੈਨਸ਼ਨਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਵਿਧਾਇਕ ਮਾਸਟਰ ਜਗਸੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਅਤੇ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ ਵਲੋਂ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਪਸ਼ੂ ਪਾਲਣ, ਸੇਵਾ ਕੇਂਦਰ, ਸਾਂਝ ਕੇਂਦਰ, ਬਿਜਲੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ, ਮਾਲ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਾਲ ਵਿਕਾਸ ਪ੍ਰਜੈਕਟ, ਸਿਹਤ ਵਿਭਾਗਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪੋ-ਆਪਣੇ ਟੇਬਲ ਲਗਾ ਕੇ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ।

ਇਸ ਮੌਕੇ ਤਹਿਸੀਲਦਾਰ ਸ਼੍ਰੀ ਨਵਜੀਵਨ ਛਾਬੜਾ ਤੋਂ ਇਲਾਵਾ ਵੱਖ-ਵੱਖ ਅਧਿਕਾਰੀ, ਉਨ੍ਹਾਂ ਦੇ ਨੁਮਾਇੰਦੇ ਅਤੇ ਨਗਰ ਪੰਚਾਇਤ ਨਥਾਣਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਆਦਿ ਹਾਜ਼ਰ ਸਨ। 

[wpadcenter_ad id='4448' align='none']