ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਚੰਡੀਗੜ੍ਹ, 2 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਅੱਜ ਮੈਸਰਜ਼ ਏਡਜਰਵ ਸਿਸਟਮਜ਼ ਲਿਮਟਿਡ ਅਤੇ ਮੈਸਰਜ਼ ਡਾਇਨਾਕੌਨਜ਼ ਸਿਸਟਮਜ਼ ਐਂਡ ਸਲਿਊਸ਼ਨਜ਼ ਲਿਮਟਿਡ ਨਾਲ ਸੀ.ਬੀ.ਐਸ. ਅਪਗ੍ਰੇਡੇਸ਼ਨ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਤੱਕ ਜਾਣਕਾਰੀ ਪਹੁੰਚਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਤਕਨਾਲੋਜੀ ਦੀ ਸ਼ੁਰੂਆਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਵੇਗੀ। ਸ੍ਰੀ ਵੀ.ਕੇ. ਸਿੰਘ ਨੇ ਅੱਗੇ ਕਿਹਾ ਕਿ ਇਹ ਤਕਨਾਲੋਜੀ ਸਹਿਜ ਲੈਣ-ਦੇਣ ਨਾਲ ਸਾਰੇ ਭਾਈਵਾਲਾਂ ਦਰਮਿਆਨ ਏਕੀਕਰਨ ਵਧਾਏਗੀ ਜਿਸ ਨਾਲ ਸਹਿਕਾਰੀ ਖੇਤਰ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ ਅਤੇ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਇਸ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਵੀ.ਕੇ. ਸਿੰਘ ਨੇ ਸੁਚਾਰੂ ਲੈਣ-ਦੇਣ ਲਈ ਮੌਜੂਦਾ ਬੈਂਕਿੰਗ ਪ੍ਰਣਾਲੀਆਂ ਦੇ ਵੱਖ-ਵੱਖ ਅਤਿ ਆਧੁਨਿਕ ਸਾਧਨਾਂ ਨੂੰ ਪੇਸ਼ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਸਮਝੌਤੇ ਦਾ ਉਦੇਸ਼ ਮਜ਼ਬੂਤ ਅਤੇ ਆਧੁਨਿਕ ਸਹਿਕਾਰੀ ਈਕੋ-ਸਿਸਟਮ ਬਣਾਉਣ ਸਬੰਧੀ ਸੂਬੇ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਤਕਨੀਕੀ ਪ੍ਰਗਤੀ ਰਾਹੀਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਹੈ। ਇਸ ਸਮਝੌਤੇ ਸਬੰਧੀ ਕਰਵਾਏ ਸਮਾਰੋਹ ਦੌਰਾਨ ਮਾਹਿਰ ਟੀਮਾਂ ਨੇ ਇਸ ਸਮਝੌਤੇ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਪੀ.ਐਸ.ਸੀ.ਬੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਤੋਂ ਇਲਾਵਾ ਨਬਾਰਡ ਦੇ ਨੁਮਾਇੰਦੇ ਵੀ ਮੌਜੂਦ ਸਨ।

[wpadcenter_ad id='4448' align='none']