ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਕੀਤਾ ਜਾਵੇ ਜਾਗਰੂਕ

ਫਿਰੋਜ਼ਪੁਰ, 1 ਫਰਵਰੀ 2024.

            ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਉਣ ਦੇ ਸਬੰਧ ਵਿੱਚ ਬੈਠਕ ਕੀਤੀ ਗਈ।

          ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਵਿਭਾਗ, ਨੈਸ਼ਨਲ ਹਾਈਵੇਅ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਸਿੱਖਿਆ ਵਿਭਾਗ, ਆਰ.ਟੀ.ਏ. ਵਿਭਾਗ, ਸਿਹਤ ਵਿਭਾਗ ਆਦਿ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਜਾਵੇ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਦੇ ਫਾਇਦਿਆਂ ਅਤੇ ਵਰਤੋਂ ਨਾ ਕਰਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ।

          ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਲਾਜ਼ਮੀ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਦਮ ਬਰੇਕ ਲਗਾਉਣ ਨਾਲ ਸੀਟ ਬੈਲਟ ਲੱਗੀ ਹੋਣ ਨਾਲ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੈਲਮੇਟ ਦੀ ਵਰਤੋਂ ਕਰਨ ਵਾਲੇ ਵੀ ਸੜਕੀ ਦੁਰਘਟਨਾਵਾਂ ਦੌਰਾਨ ਹੋਣ ਵਾਲੇ ਨੁਕਸਾਨਾਂ ਤੋਂ ਬਚ ਸਕਦੇ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸੜਕੀ ਦੁਰਘਟਨਾਵਾਂ ਹੋਣ ਤੋਂ ਬਚਿਆ ਜਾ ਸਕੇ।

          ਇਸ ਮੌਕੇ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਪੰਜਾਬ-ਚੰਡੀਗੜ੍ਹ ਸ੍ਰੀ ਦੇਸ ਰਾਜ, ਐਸ.ਡੀ.ਐਮ. ਫਿਰੋਜ਼ਪੁਰ ਸ. ਜਸਪਾਲ ਸਿੰਘ ਬਰਾੜ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸ੍ਰੀ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

[wpadcenter_ad id='4448' align='none']