ਬਟਾਲਾ,11 ਜਨਵਰੀ () ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬੇ ਨੂੰ ਜੰਗਲਾਂ ਅਧੀਨ ਲਿਆਂਦਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ਵਿੱਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੇ ਨਾਲ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਕੈਬਨਿਟ ਵੱਲੋਂ ਵੱਲੋਂ ’ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024’ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਪ੍ਰਤੀ ਟਿਊਬਵੈੱਲ ਘੱਟੋ-ਘੱਟ 4 ਬੂਟੇ ਲਗਾਉਣ ਸਬੰਧੀ ਨੀਤੀ ਤਹਿਤ ਟਿਊਬਵੈੱਲਾਂ ’ਤੇ 28.99 ਲੱਖ ਬੂਟੇ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ 46 ਪਵਿਤਰ ਵਣ ਅਤੇ 268 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਭਾਗ ਦੀਆਂ ਨਰਸਰੀਆਂ ਵਿੱਚ ਮਹਿਲਾ ਸਟਾਫ਼ ਮੈਂਬਰਾਂ ਲਈ 78 ਪਖਾਨੇ ਵੀ ਬਣਾਏ ਜਾ ਰਹੇ ਹਨ।