ਤਰਨ ਤਾਰਨ, 22 ਜਨਵਰੀ :
ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਨੇ ਸਮਾਗਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਹਨਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਦਿਨ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਾਰਕਿੰਗ, ਪਖਾਨੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਆਵਾਜਾਈ ਦੇ ਇੰਤਜ਼ਾਮ ਸਮੇਤ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਪੂਰੇ ਸਮਾਗਮ ਦੌਰਾਨ ਸਟੇਡੀਅਮ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਸ ਤੋਂ ਇਲਾਵਾ ਉਹਨਾਂ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਡਾਕਟਰਾਂ ਅਤੇ ਪੈਰਾਮੈਡੀਕਸ ਸਮੇਤ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਝਾਕੀਆਂ ਰਾਹੀਂ ਵਿਭਾਗਾਂ ਦੀਆਂ ਪ੍ਰਾਪਤੀਆਂ ਦਰਸਾਉਣ ਦਾ ਵੀ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਨੂੰ ਸ਼ਹਿਰ ਦੇ ਮੁੱਖ ਚੌਕਾਂ ਦੀ ਸਜਾਵਟ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਹਨਾਂ ਸਮੂਹ ਅਧਿਕਾਰੀਆ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਐਸ. ਡੀ. ਐੱਮ ਤਰਨ ਤਾਰਨ ਸ਼ੀ ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ . ਗੁਰਪ੍ਰੀਤ ਸਿੰਘ ਰਾਏ, ਐਸ.ਪੀ. ਹੈੱਡਕੁਆਟਰ ਸ਼੍ਰੀਮਤੀ ਪਰਵਿੰਦਰ ਕੋਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਹਰਜਿੰਦਰ ਸਿੰਘ ਸੰਧੂ, ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ਼੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।