ਮਾਨਸਾ, 04 ਜਨਵਰੀ:
ਗਣਤੰਤਰ ਦਿਵਸ ਮੌਕੇ 26 ਜਨਵਰੀ, 2024 ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਗਣਤੰਤਰ ਦਿਹਾੜੇ ਮੌਕੇ ਆਪਣੀ ਡਿਊਟੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਵੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਪੀ. (ਐਚ) ਸ੍ਰ ਜਸਕੀਰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
Date: