ਫਾਜ਼ਿਲਕਾ, 21 ਨਵੰਬਰ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਫ਼ਸਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਜਿਆਦਾ ਤੋਂ ਜਿਆਦਾ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲਾਂ ਦੇ ਮੁਕਾਬਲੇ ਫਾਜ਼ਿਲਕਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਵੱਡੀ ਕਮੀ ਆਈ ਹੈ ਇਸ ਲਈ ਜਿੱਥੇ ਸਾਰੇ ਕਲਸਟਰ ਅਤੇ ਨੋਡਲ ਅਫ਼ਸਰਾਂ ਤੇ ਸਮੂਚੇ ਵਿਭਾਗਾਂ ਦੀ ਮਿਹਨਤ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਸ ਨੇਕ ਕਾਰਜ ਵਿਚ ਕਿਸਾਨਾਂ ਨੇ ਵੀ ਸਹਿਯੋਗ ਕੀਤਾ ਹੈ ਅਤੇ ਉਨ੍ਹਾਂ ਨੇ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਸੰਭਾਲਣ ਨੂੰ ਤਰਜੀਹ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ ਸਾਲ 20 ਨਵੰਬਰ ਤੱਕ ਜਿੱਥੇ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ 1478 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਇਸ ਵਾਰ ਇਹ ਗਿਣਤੀ ਸਿਰਫ 249 ਹੈ। ਉਨ੍ਹਾਂ ਨੇ ਸਹਿਯੋਗ ਲਈ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੋ ਰਕਬਾ ਕਣਕ ਦੀ ਬਿਜਾਈ ਤੋਂ ਰਹਿ ਗਿਆ ਹੈ ਉਥੇ ਵੀ ਬਿਨ੍ਹਾਂ ਪਰਾਲੀ ਸਾੜੇ ਖੇਤੀਬਾੜੀ ਵੱਲੋਂ ਦੱਸੀਆਂ ਤਕਨੀਕਾਂ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ।
ਬੈਠਕ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਵੀ ਹਾਜਰ ਸਨ।