ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ, 15 ਫਰਵਰੀ 2024:

ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਿਤ ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ, ਉਨ੍ਹਾਂ ਦੇ ਪੁਨਰਵਾਸ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਤੱਕ ਨਸ਼ਿਆਂ ਖਿਲਾਫ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ. ਸੋਮਿਆ ਮਿਸ਼ਰਾ, ਏ.ਆਈ.ਜੀ. ਕਾਉਂਟਰ ਇੰਟੈਲੀਜੈਂਸ ਲਖਬੀਰ ਸਿੰਘ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਆਪਣੀ ਨੈਤਿਕ, ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਹਰ ਨਾਗਿਰਕ ਨੂੰ ਅੱਗੇ ਆਉਣਾ ਚਾਹੀਦਾ। ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਅਨਸਰ ਵਿਖਾਈ ਦਿੰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਜ਼ਰੂਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ, ਪਤਾ ਆਦਿ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ-ਪਾਕਿ ਸਰਹੱਦ ਉੱਪਰ ਡਰੋਨ ਦੀਆਂ ਗਤੀਵਿਧੀਆਂ ਰੋਕਣ ਲਈ ਬੀ.ਐਸ.ਐੱਫ. ਪੂਰੀ ਤਰ੍ਹਾਂ ਚੌਕਸ ਹੈ। ਇਸ ਤੋਂ ਇਲਾਵਾ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪਿੰਡ ਇਕ ਖੇਡ ਮੈਦਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਵਾਰ 26 ਜਨਵਰੀ ਨੂੰ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ‘ਸੁਪਰ 100’ ਸਕੀਮ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਿਰੋਜ਼ਪੁਰ ਦੇ ਰਾਜ/ਕੌਮੀ ਪੱਧਰ ਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ 100 ਉਭਰਦੇ ਖਿਡਾਰੀਆਂ ਦੀ ਟ੍ਰੇਨਿੰਗ ਤੇ ਡਾਈਟ ਦਾ ਖਰਚਾ ਚੁੱਕਿਆ ਜਾ ਰਿਹਾ ਹੈ।  

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਨੂੰ ਰੋਕਣ ਲਈ ਮੈਡੀਕਲ ਸਟੋਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਵੀ ਕੀਤੀ ਜਾਵੇ ਕਿ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਕਿਸੇ ਨੂੰ ਕੋਈ ਦਵਾਈ ਜਾਂ ਸਰਿੰਜ ਨਾ ਦਿੱਤੀ ਜਾਵੇ।

ਉਨ੍ਹਾਂ ਕਿਹਾ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਕੇ ਸਖ਼ਤ ਕਦਮ ਪੁੱਟੇ ਜਾਣ ਤਾਂ ਜੋ ਗੈਰ ਸਮਾਜਿਕ ਅਨਸਰਾਂ ਨੂੰ ਨਸ਼ਿਆਂ ਦਾ ਕਾਲਾ ਕਾਰੋਬਾਰ ਬੰਦ ਕਰਨ ਲਈ ਮਜ਼ਬੂਰ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਵਿਅਕਤੀ ਨੂੰ ਉਚਿਤ ਦੇਖਭਾਲ ਅਤੇ ਨਿਰੰਤਰ ਪ੍ਰੇਰਨਾ ਨਾਲ ਤੰਦਰੁਸਤ ਕਰਨਾ ਸੰਭਵ ਹੈ ਅਤੇ ਸਾਡਾ ਸਾਰਿਆਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਰਾਹ ਭਟਕੇ ਲੋਕਾਂ ਨੂੰ ਸਹੀ ਰਾਹ ’ਤੇ ਲਿਆਂਦਾ ਜਾਵੇ।

ਇਸ ਮੌਕੇ ਐਸ.ਐਸ.ਪੀ. ਮੈਡਮ ਸੋਮਿਆ ਮਿਸ਼ਰਾ ਨੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਜਿਸ ਦੇ ਮੁਕੰਮਲ ਖਾਤਮੇ ਲਈ ਸਾਰੇ ਨਾਗਰਿਕਾਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ ਅਤੇ ਪ੍ਰਸ਼ਾਸਨ ਤੇ ਪੁਲਿਸ ਨਸ਼ਿਆਂ ਖਿਲਾਫ਼ ਵਿੱਢੀ ਜੰਗ ਵਿੱਚ ਪੁਲਿਸ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਆਮ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਲਈ ਵਧ ਚੜ੍ਹ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਡੀ.ਐਸ.ਪੀ. ਨਵੀਨ ਕੁਮਾਰ, ਸਿਹਤ ਵਿਭਾਗ ਤੋਂ ਡਾ. ਗੁਰਮੇਜ਼ ਰਾਮ ਤੋਂ ਇਲਾਵਾ ਬੀ.ਐਸ.ਐਫ., ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

[wpadcenter_ad id='4448' align='none']