ਪੰਜਾਬ ਸਰਕਾਰ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ – ਵਿਧਾਇਕ ਮਦਨ ਲਾਲ ਬੱਗਾ

ਲੁਧਿਆਣਾ, 13 ਦਸੰਬਰ –

ਪੰਜਾਬ ਸਰਕਾਰ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਉੱਤਰੀ ਵਿੱਚ ਵਿਕਾਸ ਕਾਰਜ਼ਾਂ ਦੀ ਹਨੇਰੀ ਚੱਲ ਰਹੀ ਹੈ।

ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 8 ਅਧੀਨ ਬਸਤੀ ਜੋਧੇਵਾਲ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਜਿਸਦੇ ਤਹਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਵਿਛਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 32 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਜੋ ਅਕਸਰ ਜਾਮ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

[wpadcenter_ad id='4448' align='none']