ਚੰਡੀਗੜ੍ਹ, 4 ਸਤੰਬਰ
ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ।
ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ ‘ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ।
ਕਰਦਾਤਾਵਾਂ ਨੂੰ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋਂ 2020-21 ਲਈ 30 ਨਵੰਬਰ, 2021 ਤੱਕ ਦਾਇਰ ਕੀਤੀਆਂ ਗਈਆਂ ਰਿਟਰਨਾਂ ਰਾਹੀਂ ਦਾਅਵਾ ਕੀਤੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਲਾਭ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੁਣ ਇੱਕ ਅਧਿਕਾਰਤ ਪ੍ਰਤੀਨਿਧੀ ਹੁਣ ਸੰਮਨ ਕੀਤੇ ਮਾਲਕ/ਡੀਲਰ ਦੀ ਤਰਫੋਂ ਪੇਸ਼ ਹੋ ਸਕਦਾ ਹੈ, ਜਦੋਂ ਕਿ ਪਹਿਲਾਂ ਵਿਅਕਤੀਗਤ ਤੌਰ ‘ਤੇ ਪੇਸ਼ ਹੋਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਕਰ ਪ੍ਰਕਿਆ ਨੂੰ ਸਰਲ ਅਤੇ ਕਰ ਪਾਲਣਾ ਨੂੰ ਬਿਹਤਰ ਬਣਾਉਣ ਲਈ ਹੁਣ ਕਰਦਾਤਾਵਾਂ ਲਈ ਨੋਟਿਸ ਦੀ ਮਿਆਦ ਵੀ 30 ਦਿਨਾਂ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ।
ਵਿੱਤ ਮੰਤਰੀ ਨੇ ਵਿੱਤੀ ਸਾਲ 2017-18 ਤੋਂ 2019-20 ਲਈ ਕਰਦਾਤਾਵਾਂ ਲਈ ਮੁਆਫੀ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਰਦਾਤਾ 31 ਮਾਰਚ, 2025 ਤੱਕ ਸਾਲ 2017-18 ਤੋਂ 2019-20 ਤੱਕ ਦੀ ਟੈਕਸ ਮੰਗ ਦੀ ਪੂਰੀ ਰਕਮ ਦਾ ਭੁਗਤਾਨ ਕਰਦਾ ਹੈ, ਤਾਂ ਉਸ ਨੂੰ ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਦਿੱਤੀ ਜਾਵੇਗੀ। ।
ਬਿੱਲ ’ਤੇ ਚਰਚਾ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਮੁਆਵਜ਼ੇ ਦੇ ਮੁੱਦੇ ਨੂੰ ਉਭਾਰਨ ਲਈ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ 2017 ਵਿੱਚ ਜੀ.ਐਸ.ਟੀ ਪ੍ਰਣਾਲੀ ਲਾਗੂ ਕੀਤੀ ਗਈ ਸੀ ਤਾਂ ਤਾਂ ਰਾਜਾਂ ਲਈ ਜੁਲਾਈ, 2022 ਤੱਕ 14% ਸਾਲਾਨਾ ਵਿਕਾਸ-ਅਧਾਰਤ ਮੁਆਵਜ਼ੇ ‘ਤੇ ਸਹਿਮਤੀ ਬਣੀ ਸੀ। ਹਾਲਾਂਕਿ, ਉਨ੍ਹਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਅਤੇ ਸਿਰਫ਼ ਮੁਆਵਜ਼ੇ ‘ਤੇ ਹੀ ਨਿਰਭਰ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਕਰ ਅਨੁਪਾਲਨ ਨੂੰ ਵਧਾਉਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ, ਆਈ.ਆਈ.ਟੀ ਹੈਦਰਾਬਾਦ ਦੁਆਰਾ ਵਿਕਸਤ ਇੰਟੈਲੀਜੈਂਸ ਮਾਡਿਊਲ ਨੂੰ ਲਾਗੂ ਕਰਨਾ ਅਤੇ ‘ਬਿੱਲ ਲਿਆਓ, ਇਨਾਮ ਪਾਓ’ ਵਰਗੀਆਂ ਸਕੀਮਾਂ ਸ਼ੁਰੂ ਕਰਨ ਸਮੇਤ ਕਈ ਉਪਾਅ ਸ਼ੁਰੂ ਕੀਤੇ, ਜਿਸ ਦੇ ਨਤੀਜੇ ਵਜੋਂ ਰਾਜ ਵਿੱਚ ਜੀ.ਐਸ.ਟੀ ਕੁਲੈਕਸ਼ਨ ਵਿੱਚ ਮਹੱਤਵਪੂਰਨ ਵਾਧਾ ਹੋਇਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਨਾਲ ਸਾਰੇ ਕਰਾਂ ਨੂੰ ਇਸ ਵਿੱਚ ਸ਼ਾਮਿਲ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਤੋਂ ਪਹਿਲਾਂ ਦੀ ਅਨਾਜ ਦੀ ਖਰੀਦ ਲਈ ਰਾਜ ਨੂੰ ਕੇਂਦਰ ਸਰਕਾਰ ਤੋਂ ਲਗਭਗ 7,000 ਕਰੋੜ ਰੁਪਏ ਪ੍ਰਾਪਤ ਹੁੰਦੇ ਸਨ, ਜੋ ਹੁਣ ਤੱਕ ਵਧ ਕੇ ਲਗਭਗ 10,000 ਕਰੋੜ ਰੁਪਏ ਹੋ ਜਾਣੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੀ ਰਾਜ ਸਰਕਾਰ ਇਸ ਮਹੱਤਵਪੂਰਨ ਨੁਕਸਾਨ ਲਈ ਮੁਆਵਜ਼ਾ ਲੈਣ ਵਿੱਚ ਅਸਫਲ ਰਹੀ।
ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੀ ਵੀ ਓ.ਟੀ.ਐਸ ਰਾਹੀਂ 40,000 ਵਪਾਰੀਆਂ ਦੇ ਕਰ ਮੁਆਫ਼ ਕਰਨ ਦਾ ਝੂਠਾ ਦਾਅਵਾ ਕਰਨ ਲਈ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇੱਕ ਵੀ ਵਪਾਰੀ ਨੂੰ ਲਾਭ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ 70,000 ਤੋਂ ਵੱਧ ਵਪਾਰੀਆਂ ਨੇ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐਸ ਸਕੀਮ) ਦਾ ਲਾਭ ਉਠਾਇਆ ਹੈ ਅਤੇ ਸੂਬੇ ਦੇ ਖਜ਼ਾਨੇ ਨੂੰ ਵੀ 164 ਕਰੋੜ 35 ਲੱਖ ਰੁਪਏ ਦੀ ਆਮਦਨ ਹੋਈ ਹੈ।