Thursday, December 26, 2024

ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ

Date:

ਜਲੰਧਰ, 11 ਸਤੰਬਰ

The two-year long wait for sub-inspectors is over ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪੰਜਾਬ ਪੁਲੀਸ ਵਿੱਚ ਨਵੇਂ ਭਰਤੀ ਹੋਏ 560 ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੂੰ ਦੋ ਸਾਲਾਂ ਬਾਅਦ ਇਹ ਨਿਯੁਕਤੀ ਪੱਤਰ ਮਿਲੇ ਹਨ। ਉਨ੍ਹਾਂ ਨੇ ਨਵੇਂ ਭਰਤੀ ਹੋਏ ਸਬ-ਇੰਸਪੈਕਟਰਾਂ ਨੂੰ ਕਿਹਾ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੇਵਾ ਲਈ ਕਰਨ, ਨਾ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਇਸ ਪਾਸੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਹ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਅਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਕੁਸ਼ਲਤਾ ਅਨੁਸਾਰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਅੰਦਰ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸੂਬੇ ਦੇ ਯੋਗ ਅਤੇ ਕੁਸ਼ਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 560 ਅਸਾਮੀਆਂ ‘ਤੇ ਚੁਣੇ ਗਏ ਨੌਜਵਾਨਾਂ ‘ਚੋਂ 95 ਫੀਸਦੀ ਨੌਜਵਾਨ  ਸੂਬੇ ਦੇ ਹਨ ਅਤੇ ਬਾਕੀ ਵੀ ਸੂਬੇ ਵਿੱਚ ਹੀ ਰਹਿ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੇ ਮੈਰਿਟ ‘ਚ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕੀਤਾ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਮੋਹਰੀ ਸਥਾਨ ਹਾਸਲ ਕੀਤੇ ਹਨ|

READ ALSO : ਅਵਤਾਰ ਸਿੰਘ ਪਾਸ਼ ਦੇ ਜਨਮ ਦਿਵਸ ‘ਤੇ ਉਨ੍ਹਾਂ ਦੇ ਜੀਵਨ ਅਤੇ ਕਵਿਤਾਵਾਂ ‘ਤੇ ਇਕ ਖ਼ਾਸ ਲੇਖ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ੁਰੂ ਤੋਂ ਹੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਹ ਸ਼ਾਨਦਾਰ ਰਿਕਾਰਡ ਹੈ ਕਿ ਇਸ ਨੇ ਬਾਖੂਬੀ ਢੰਗ ਨਾਲ ਦੇਸ਼ ਦੀ ਸੇਵਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਨੂੰ ਘਟਾਉਣ ਅਤੇ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਇਸ ਫੋਰਸ ਨੂੰ ਤੇਜ਼ ਅਤੇ ਗਲਤ ਢੰਗ ਨਾਲ ਡਰਾਈਵਿੰਗ ‘ਤੇ ਲਗਾਮ ਕਸਣ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਬੋਝ ਵੀ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਸਹੂਲਤ ਲਈ ਇਸ ਵਿਸ਼ੇਸ਼ ਫੋਰਸ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਨੂੰ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ ‘ਤੇ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਦੀ ਸਹੂਲਤ ਵੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਪ੍ਰਾਜੈਕਟ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਸਥਾਪਤ ਕਰਨ ਲਈ 68 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਹਿਮ ਸਾਬਤ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਖਜ਼ਾਨੇ ਦਾ ਪੈਸਾ ਨਿੱਜੀ ਜਾਂ ਪਰਿਵਾਰਕ ਹਿੱਤਾਂ ਲਈ ਵਰਤਣ ਬਾਰੇ ਸੋਚ ਵੀ ਨਹੀਂ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਰਦਾਤਿਆਂ ਦੇ ਇਸ ਪੈਸੇ ਵਿੱਚੋਂ ਇੱਕ ਵੀ ਪੈਸਾ ਖਾਣ ਨਾਲੋਂ ਮਰਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। The two-year long wait for sub-inspectors is over
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਤੇ ਹੋਰ ਹਾਜ਼ਰ ਸਨ। The two-year long wait for sub-inspectors is over

Share post:

Subscribe

spot_imgspot_img

Popular

More like this
Related