ਫਰੀਦਕੋਟ 12 ਜੂਨ () ਜਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਨੂੰ ਕਿਸਾਨਾਂ ਦੀ ਸ਼ੁੱਧ ਵਾਤਾਵਰਨ ਲਈ ਵਿੱਢੀ ਮੁਹਿੰਮ ਵਿੱਚ ਇੱਕ ਅਹਿਮ ਯੋਗਦਾਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਮੇਲੇ ਵਿੱਚ ਖੇਤੀਬਾੜੀ ਵਿਭਾਗ ਨੂੰ ਇਸ ਮੁਹਿੰਮ ਵਿੱਚ ਸ਼ਲਾਘਾਯੋਗ ਕੰਮ ਕਰਨ ਲਈ ਵਧਾਈ ਦਿੱਤੀ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀਆਂ ਕੁੱਲ 474 ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਘਟਨਾਵਾਂ ਵਾਪਰੀਆਂ ਸਨ, ਜਦ ਕਿ ਇਹ ਮਿਕਦਾਰ ਇਸ ਵਾਰ ਘੱਟ ਕੇ 324 ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਚੰਗੇ ਕੰਮ ਦਾ ਸਿਹਰਾ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਵੀ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਫਰੀਦਕੋਟ ਸੂਬੇ ਦੇ ਹੋਰ ਜਿਲ੍ਹਿਆਂ ਵਾਸਤੇ ਵੀ ਰਾਹ ਦਸੇਰਾ ਬਣਿਆ ਹੈ।
ਇਸ ਮੌਕੇ ਖੇਤੀਬਾਭੀ ਵਿਭਾਗ ਨਾਲ ਸਬੰਧਤ ਵਿਭਾਗਾਂ ਜਿਵੇਂ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਇਫਕੋ, ਮੱਛੀ ਪਾਲਣ ਆਦਿ ਵੱਲੋਂ ਸਟਾਲ ਲਗਾਏ ਗਏ ਜਿਸ ਦਾ ਕਿਸਾਨਾਂ ਨੇ ਭਰਪੂਰ ਲਾਹਾ ਲਿਆ। ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਖੇਤਾਂ ਵਿੱਚ ਇਸਤੇਮਾਲ ਕੀਤੇ ਜਾਂਦੇ ਸੰਦਾਂ ਜਿਵੇਂ ਕਿ ਹੈਪੀ ਸੀਡਰ ਅਤੇ ਹੋਰ ਲਾਹੇਵੰਦ ਸੰਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਆਉਣ ਵਾਲੇ ਕਿਸਾਨਾਂ ਨੂੰ ਅਜਿਹੀ ਨਵੀਂ ਕਿਸਮ ਦੀ ਮਸ਼ੀਨਰੀ ਦੇ ਇਸਤੇਮਾਲ ਬਾਰੇ ਪ੍ਰੇਰਿਤ ਕੀਤਾ।
ਮੁੱਖ ਖੇਤੀਬਾੜੀ ਅਫਸਰ ਸ. ਅਮਰੀਕ ਸਿੰਘ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਿਸਾਨ ਭਲਾਈ ਸਕੀਮਾਂ ਬਾਰੇ ਬੋਲਦਿਆਂ ਕਿਹਾ ਕਿ ਕਿਸਾਨ ਵੀਰਾਂ ਨੂੰ ਸਰਕਾਰ ਦੀਆਂ ਲਾਭਪਾਤਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਤਾਂ ਵਿੱਚ ਲਗਾਤਾਰ ਪਾਣੀ ਹੀ ਨਹੀਂ ਉਪਲਬਧ ਕਰਵਾਇਆ ਬਲਕਿ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਵੀ ਸੁਨਿਸਚਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਤਮ ਖੇਤੀ ਮੱਧਮ ਵਪਾਰ ਨਖਿੱਦ ਚਾਕਰੀ ਦੇ ਅਖਾਣ ਮੁਤਾਬਿਕ ਖੇਤੀਬਾੜੀ ਨੇ ਉੱਤਮ ਦਰਜਾ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਲਾਈ ਸਕੀਮਾਂ ਨੂੰ ਮੁਹੱਈਆ ਕਰਵਾਉਣ ਦਾ ਸਿਲਸਿਲਾ ਇਸੇ ਤਰੀਕੇ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਕੱਦੂ ਕਰਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਰਸਾਇਣਕ,ਭੌਤਿਕੀ ਅਤੇ ਜੈਵਿਕ ਗੁਣਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪ੍ਰਤੀ ਏਕੜ ਕੱਦੂ ਕਰਕੇ ਝੋਨੇ ਦੀ ਲਵਾਈ ਕਰਨ ਤੇ ਤਕਰੀਬਨ 62 ਲੱਖ ਲਿਟਰ ਪਾਣੀ ਦੀ ਖਪਤ ਹੁੰਦੀ ਹੈ ਜਦਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਕਾਸ਼ਤ ਕੀਤੇ ਪ੍ਰਤੀ ਝੋਨੇ ਦੀ ਫਸਲ ਪੈਦਾ ਕਰਨ ਤੇ ਤਕਰੀਬਨ 50 ਲੱਖ ਲਿਟਰ ਪਾਣੀ ਦੀ ਖਪਤ ਹੁੰਦੀ ਹੈ। ਜ਼ਿਲਾ ਫਰੀਦਕੋਟ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।ਇਸ ਗਿਰਾਵਟ ਨੂੰ ਘੱਟ ਕਰਨ ਲਈ ਸਾਨੂੰ ਸਾਰਿਆਂ ਨੂੰ ਭਰਪੂਰ ਯਤਨ ਕਰਨ ਦੀ ਜ਼ਰੂਰਤ ਹੈ।
ਸੰਯੁਕਤ ਨਿਰਦੇਸ਼ਕ (ਪੌਦ ਸੁਰੱਖਿਆ) ਡਾ.ਨਰਿੰਦਰ ਪਾਲ ਸਿੰਘ ਬੈਨੀਪਾਲ ਨੇ ਕਿਹਾ ਕਿ ਸਾਉਣੀ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਲੋੜੀਂਦੀ ਖੇਤੀ ਸਮੱਗਰੀ ਦਾ ਸਟਾਕ ਜ਼ਰੂਰਤ ਅਨੁਸਾਰ ਉਪਲਬਧ ਹੈ। ਉਨਾਂ ਯਕੀਨ ਦਿਵਾਇਆ ਕਿ ਪੰਜਾਬ ਵਿੱਚ ਖਾਦਾਂ,ਕੀਟਨਾਸ਼ਕਾਂ ਅਤੇ ਹੋਰ ਖੇਤੀ ਸਮਗਰੀ ਦੀ ਕਮੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਨੂੰ ਘਟ ਕਰਨ ਜ਼ਰੂਰੀ ਹੈ ਕਿ ਝੋਨੇ ਦੀ ਕੱਦੂ ਕਰਕੇ ਲਵਾਈ ਕਰਨ ਦੀ ਰਵਾਇਤੀ ਤਕਨੀਕ ਦੀ ਬਿਜਾਏ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ ਜਾਵੇ ।ਉਨਾਂ ਕਿਹਾ ਕਿ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500/- ਪ੍ਰਤੀ ਏਕੜ ਸਨਮਾਨ ਰਾਸ਼ੀ ਵੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਸਹੂਲਤ ਲੈਣ ਲਈ ਕਿਸਾਨਾਂ ਨੂੰ ਆਨਲਾਈਨ ਪੋਰਟਲ ਤੇ ਮਿਤੀ 30 ਜੂਨ ਤੱਕ ਫਾਰਮ ਭਰਨੇ ਹੋਣਗੇ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸੀਨਰੀ ਸਬਸਿਡੀ ਤੇ ਲਈ ਵੀ ਪੰਜਾਬ ਸਰਕਾਰ ਵੱਲੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ ਅਤੇ ਇੱਛੁਕ ਕਿਸਾਨ ,ਪੰਚਾਇਤਾਂ,ਸਹਿਕਾਰੀ ਸਭਾਵਾਂ ,ਕਿਸਾਨ ਸਮੂਹ ਮਿਤੀ 20ਜੂਨ ਤੱਕ ਅਪਲਾਈ ਕਰ ਸਕਦੇ ਹਨ।
ਡਾ.ਗੁਰਪ੍ਰੀਤ ਸਿੰਘ ਨੇ ਜੈਵਿਕ ਖੇਤੀ ਬਾਰੇ,ਡਾ.ਕੁਲਵੰਤ ਸਿੰਘ ਜ਼ਿਲਾ ਸਿਖਲਾਈ ਅਫਸਰ ਨੇ ਮਿੱਟੀ ਸਿਹਤ ਸੁਧਾਰ ਬਾਰੇ, ਇੰਜ.ਹਰਚਰਨ ਸਿੰਘ ਨੇ ਖੇਤੀ ਮਸੀਨਰੀ ਬਾਰੇ,ਡਾ.ਕਮਲਦੀਪ ਸਿੰਘ ਨੇ ਨਰਮੇ ਦੇ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ,ਡਾ. ਗੁਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਖੇਤੀ ਤਕਨੀਕਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੇ ਫਰਜ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਡਾ.ਭੁਪੇਸ਼ ਜੋਸ਼ੀ ਨੇ ਬਾਖੂਬੀ ਨਿਭਾਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਪ੍ਰੋਜੈਕੋਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਡਾ.ਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ ,ਖੇਤੀਬਾੜੀ ਵਿਭਾਗ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।