ਨਰਮੇ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਬਿਜਾਈ ਜਲਦੀ ਮੁਕੰਮਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ : 26 ਮਈ 2024 (      ) ਕਿਸਾਨਾਂ ਨੂੰ ਝੋਨੇ  ਦੇ ਮਿਆਰੀ ਬੀਜ/ਖਾਦਾਂ ਅਤੇ ਕੀਟਨਾਸ਼ਕ  ਉਪਲਬਧ ਕਰਵਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਦੇ ਅਧਿਕਾਰੀਆਂ ਦੀ ਮੀਟਿੰਗ ਸਥਾਨਕ ਬਲਾਕ ਖੇਤੀਬਾੜੀ ਦਫ਼ਤਰ ਵਿਚ ਹੋਈ ,ਜਿਸ ਦੀ ਪ੍ਰਧਾਨਗੀ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ।

 ਮੀਟਿੰਗ ਵਿੱਚ ਪਾਬੰਧੀ ਸ਼ੁਦਾ ਪੂਸਾ 44 ਦੇ ਬੀਜ ਦੀ ਵਿਕਰੀ ਬੰਦ ਕਰਨ ,ਖਾਦਾਂ ਦੀ ਉਪਲਬਧਤਾ,ਨਰਮੇ ਦੀ ਬਿਜਾਈ ਬਾਰੇ ਅਤੇ ਵਿਚਾਰ ਚਰਚਾ ਕੀਤੀ ਗਈ।

          ਮੀਟਿੰਗ ਵਿੱਚ ਹਾਜ਼ਰ ਖੇਤੀ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਫਲ ਕਾਸ਼ਤ ਵਿੱਚ ਕਿਸਮ ਅਤੇ ਤਸਦੀਕਸ਼ੁਦਾ ਬੀਜ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ ਕਿਉਂਕਿ ਆਮ ਕਰਕੇ ਬੀਜ ਵਿਕ੍ਰੇਤਾ ਅਤੇ ਆੜ੍ਹਤੀ ਭਰਾ ਕਿਸਾਨਾਂ ਨੂੰ ਸਬਜ਼ਬਾਗ ਦਿਖਾ ਕੇ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ ਮਹਿੰਗੇ ਭਾਅ ਵੇਚਦੇ ਹਨ। 

ਉਨ੍ਹਾਂ ਕਿਹਾ ਕਿ ਆਮ ਕਰਕੇ ਕਿਸਾਨਾਂ ਵਲੋਂ ਵੇਖੋ ਵੇਖੀ ਕੁਝ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸਤ ਕਰ ਲਈ ਜਾਂਦੀ ਹੈ ਜਿਸ ਕਾਰਨ ਮੰਡੀ ਵਿੱਚ ਮੰਡੀਕਰਨ ਸਮੇਂ ਕਿਸਾਨਾਂ ਅਤੇ ਆੜਤੀਆਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੈਰ ਸਿਫਾਰਸ਼ਸ਼ੁਦਾ  ਅਤੇ ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਕਾਸਤ ਕਰਨ ਨਾਲ ਜਿਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ, ਉਥੇ ਸੈਲਰ ਉਦਯੋਗ ਨੂੰ ਭਾਰੀ ਨੁਕਸਾਨ ਹੁੰਦਾ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ ਸਿਫਾਰਸ਼ਸ਼ੁਦਾ ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ 2022 ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਜਾਰੀ ਕੀਤੀ ਗਈ ਪੀ ਆਰ 131 ਦੀ ਪਨੀਰੀ ਉੱਪਰ ਚਿੱਟੀ ਪਿੱਠ ਵਾਲੇ ਟਿੱਡੇ ਦੇ ਹਮਲੇ ਪ੍ਰਤੀ  ਵਧੇਰੇ  ਚੌਕਸੀ ਰੱਖਣ ਅਤੇ ਨਿਰੰਤਰ ਨਿਰੀਖਣ ਦੀ ਜ਼ਰੂਰਤ ਹੈ ਤਾਂ ਜੋਂ ਪੀ ਆਰ 131 ਨੂੰ ਸੰਭਾਵਤ ਮਧਰੈਪਨ ਦੇ ਵਿਸ਼ਾਨੂੰ ਰੋਗ ਦੇ ਹਮਲੇ ਤੋਂ ਬਚਾਇਆ ਜਾ ਸਕੇ। 

ਉਨ੍ਹਾਂ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕੀਟ ਵਿਚ ਬੀਜ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਚੈਕਿੰਗ ਦੌਰਾਨ ਖੇਤੀ ਸਮਗਰੀ ਦੇ ਕਾਰੋਬਾਰ  ਨਾਲ ਸਬੰਧਤ ਕਾਗਜਾਤ ਜ਼ਰੁਰ ਦੇਖੇ ਜਾਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੀਜ /ਖਾਦ ਜਾਂ ਨਦੀਨ ਨਾਸ਼ਕ ਖਰੀਦਣ ਉਪਰੰਤ ਬਿੱਲ ਜ਼ਰੁਰ ਲਿਆ ਜਾਵੇ ਤਾਂ ਜੋਂ ਕਿਸੇ ਤਰਾਂ ਦੀ ਗੜਬੜੀ ਤੋਂ ਬਚਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀਆਂ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨ ਅਤੇ ਨਰਮੇ ਦੀ ਕਾਸ਼ਤ ਜਲਦ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ। 

ਉਨ੍ਹਾਂ ਦੱਸਿਆਂ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਪੂਸਾ 44 ਦੀ  ਕਾਸ਼ਤ ਕਰਨ ਦੀ ਬਜਾਏ ਪੀ ਆਰ 126  ,ਪੀ ਆਰ 128,ਪੀ ਆਰ 131 ਕਿਸਮਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ।  

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਬੀਜ ਵਿਕ੍ਰੇਤਾ ਕਿਸਾਨਾਂ ਨੂੰ ਬੀਜ ਦੀ ਵਿਕਰੀ ਕਰਨ ਉਪਰੰਤ ਬਿੱਲ ਜ਼ਰੂਰ ਜਾਰੀ ਕਰੇ।

 ਬਲਾਕ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਇਸ ਮੌਕੇ  ਡਾ.ਨਿਸ਼ਾਨ ਸਿੰਘ ,ਡਾ. ਪ੍ਰਿੰਸ ਸਿੰਘ,ਡਾ.ਨਵਪ੍ਰੀਤ ਸਿੰਘ,ਡਾ.ਲਖਵੀਰ ਸਿੰਘ ,ਸ੍ਰੀ ਮਤੀ ਰਮਨਦੀਪ ਕੌਰ ਖੇਤੀ ਉਪ ਨਿਰੀਖਕ,ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ  ਸਮੇਤ ਹੋਰ ਅਧਿਕਾਰੀ ਹਾਜ਼ਰ ਸਨ ।

[wpadcenter_ad id='4448' align='none']