Today Hukamnama
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ ॥
(ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥
Today Hukamnama