Friday, January 10, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜਨਵਰੀ 2024)

Date:

ਸੋਰਠਿ ਮਃ ੧ ਚਉਤੁਕੇ ॥

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ  ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ  ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ  ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ  ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ  ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ  ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥  ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ  ਵਡਿਆਈ ॥੪॥੩॥

ਮੰਗਲਵਾਰ, ੩ ਮਾਘ (ਸੰਮਤ ੫੫੫ ਨਾਨਕਸ਼ਾਹੀ) ੧੬ ਜਨਵਰੀ, ੨੦੨੪   (ਅੰਗ: ੫੯੬)

ਸੋਰਠਿ ਮਃ ੧ ਚਉਤੁਕੇ ॥ 

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ । ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ । ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ।੧।ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ । ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ । ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ । ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ । ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ।੨।ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ । ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ । ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ । ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ ।੩।(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ । (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ ।ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...