ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

UNANIMOUSLY PASSES RESOLUTION TO
UNANIMOUSLY PASSES RESOLUTION TO

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਕੀਤੀ ਵਕਾਲਤ

ਇਜਲਾਸ ਦਾ ਬਾਈਕਾਟ ਕਰ ਕੇ ਸ਼ਹੀਦਾਂ ਦੀ ਨਿਰਾਦਰੀ ਕਰਨ ਲਈ ਕਾਂਗਰਸ ਦੀ ਆਲੋਚਨਾ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ

ਹਲਵਾਰਾ ਹਵਾਈ ਅੱਡੇ ਤੋਂ ਮਈ ਦੇ ਅੰਤ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ।

ਇਹ ਮਤਾ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਨੌਜਵਾਨ ਪੀੜ੍ਹੀਆਂ ਵਾਸਤੇ ਪ੍ਰੇਰਨਾ ਸਰੋਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲ਼ੇ ਤੋਂ ਮੁਕਤ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ ਅਤੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਨਾਲ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸੱਚਮੁੱਚ ਇਸ ਐਵਾਰਡ ਦੇ ਹੱਕਦਾਰ ਹਨ ਕਿਉਂ ਜੋ ਇਨ੍ਹਾਂ ਨੇ ਵਿਦੇਸ਼ੀ ਚੁੰਗਲ ਤੋਂ ਦੇਸ਼ ਨੂੰ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ।  ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਬਦਕਿਸਮਤੀ ਨਾਲ ਆਜ਼ਾਦੀ ਦੇ 75 ਵਰ੍ਹੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਨਾਇਕਾਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ।

ਇਸ ਅਹਿਮ ਮਤੇ ਨੂੰ ਪਾਸ ਕੀਤੇ ਜਾਣ ਮੌਕੇ ਇਜਲਾਸ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਇਹ ਕਾਰਵਾਈ ਇਨ੍ਹਾਂ ਮਹਾਨ ਨਾਇਕਾਂ ਪ੍ਰਤੀ ਘੋਰ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਸਿਤਮਜ਼ਰੀਫੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ। ਭਗਵੰਤ ਮਾਨ ਨੇ ਇਸ ਮੁੱਦੇ ‘ਤੇ ਉਸਾਰੂ ਬਹਿਸ ਵਿੱਚ ਹਿੱਸਾ ਲੈਣ ਅਤੇ ਬਿੱਲ ‘ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਸ਼ਵਨੀ ਸ਼ਰਮਾ ਅਤੇ ਨਛੱਤਰ ਪਾਲ ਸਮੇਤ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ‘ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

Also Read : ਜ਼ਮਾਨਤ ‘ਤੇ ਸੁਣਵਾਈ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ, ‘ਪਤਨੀ ਬੀਮਾਰ, ਬੇਟਾ ਵਿਦੇਸ਼’ ਸੀਬੀਆਈ ਨੇ ਵਿਰੋਧ ਕੀਤਾ

[wpadcenter_ad id='4448' align='none']