ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ

ਮੋਗਾ, 20 ਨਵੰਬਰ (000) –
ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਪ੍ਰਾਈਵੇਟ ਸੈਕਟਰੀ ਸ਼੍ਰੀ ਐਮ.ਬੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ਼੍ਰ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਅਰਥ ਤੇ ਅੰਕੜਾ ਸਲਾਹਕਾਰ ਦਫ਼ਤਰ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੋਗਾ ਪਹੁੰਚਣ ਤੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮੋਗਾ ਪੁਲਿਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।  

ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਚਾਰੂ ਮਿਤਾ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੇ ਹਰੇਕ ਪਹਿਲੂ ਉਪਰ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ ਅਤੇ ਕਿਹਾ ਕਿ ਕਿਸੇ ਇਸ ਪ੍ਰੋਗਰਾਮ ਤਹਿਤ ਲਗਭਗ ਸਾਰੇ ਹੀ ਪਹਿਲੂਆਂ ਤੇ ਮੋਗਾ ਨੇ ਵਿਕਾਸ ਕੀਤਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਕੜੀ ਮਿਹਨਤ ਕਰ ਰਿਹ ਹੈ ਤਾਂ ਕਿ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਨੂੰ ਜਲਦ ਤੋਂ ਜਲਦ ਇੰਸਪੀਰੇਸ਼ਨਲ ਬਣਾਇਆ ਜਾ ਸਕੇ।

ਸ਼੍ਰੀ ਤੋਖਨ ਸਾਹੂ ਨੇ ਸਮੂਹ ਅਧਿਕਾਰੀਆਂ ਨੂੰ ਐਸਪੀਰੇਸ਼ਨਲ ਦੇ ਹਰੇਕ ਪਹਿਲੂ ਵਿੱਚ ਅੱਗੇ ਵਧਣ ਲਈ ਸ਼ਾਬਾਸ਼ ਦਿੱਤੀ ਅਤੇ ਆਪਣੇ ਕੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਪ੍ਰੇਰਿਆ।

ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਲਗਭਗ 3 ਕਰੋੜ ਦੀ ਲਾਗਤ ਨਾਲ 4 ਨਵੇਂ ਸ਼ਹਿਰੀ ਸਕੂਲਾਂ ਦੀਆਂ ਬਿਲਡਿੰਗਾਂ ਤਿਆਰ ਕਰਵਾਈਆਂ ਗਾਈਆਂ ਹਨ, ਲਗਭਗ 1.30 ਕਰੋੜ ਰੁਪਏ ਦੀ ਲਾਗਤ ਵਾਲੀ  ਭੌੰ ਸਿਹਤ ਪ੍ਰਯੋਗਸ਼ਾਲਾ, 1.08 ਕਰੋੜ ਦੀ ਲਾਗਤ 5 ਪਿੰਡਾਂ ਵਿੱਚ ਸਿੰਚਾਈ ਲਈ ਭੂਮੀਗਤ ਪਾਈਪਲਾਈਨ ਅਤੇ ਸੋਲਰ ਪੰਪ ਲਗਾਉਣ ਸਬੰਧੀ ਪ੍ਰੋਜੈਕਟ ਅਤੇ ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਵੈਕਸੀਨੇਸ਼ਨ ਵੈਨ ਅਤੇ ਸੀਰਮ ਐਨਾਲਾਈਜਰ ਸਬੰਧੀ ਮਸ਼ੀਨਰੀ ਸਬੰਧੀ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ।  ਇਸ ਤੋਂ ਇਲਾਵਾ 35 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਵਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।  ਸਰਕਾਰੀ ਆਈ.ਟੀ.ਆਈ. ਨੂੰ ਹੁਨਰ ਵਿਕਾਸ ਲਈ ਮਸ਼ੀਨਰੀ ਉਪਲੱਬਧ ਕਰਵਾਉਣ, ਸਕਸ਼ਮ ਆਂਗਣਵਾੜੀ ਸਬੰਧੀ ਆਦਿ ਕੰਮ ਪ੍ਰਗਤੀ ਅਧੀਨ ਹਨ।  

ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸਦੇ ਮੱਦੇਨਜਰ ਹੀ ਭੂਮੀਗਤ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ। ਵੱਖ ਵੱਖ ਅਧਿਕਾਰੀਆਂ ਨਾਲ ਡੂੰਘਾਈ ਨਾਲ ਰੀਵਿਊ ਕਰਕੇ ਉਹਨਾਂ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਆਦੇਸ਼ ਜਾਰੀ ਕੀਤੇ।  

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਹਾਜ਼ਰੀਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਮੰਤਰੀ ਨੂੰ ਵਿਸ਼ਾਵਾਸ਼ ਦਿਵਾਇਆ ਕਿ ਮੋਗਾ ਜ਼ਿਲ੍ਹਾ ਦੇ ਹਰੇਕ ਵਿਕਾਸ ਕਾਰਜ ਨੂੰ ਪਹਿਲ ਦੇ ਆਧਾਰ ਉਪਰ ਕਰਕੇ ਇਸਨੂੰ ਮਿਸਾਲੀ ਜ਼ਿਲ੍ਹਾ ਬਣਾਇਆ ਜਾਵੇਗਾ।

[wpadcenter_ad id='4448' align='none']