ਫਾਜ਼ਿਲਕਾ, 21 ਫਰਵਰੀ
ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਮਨਦੀਪ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੁਹੱਲੇ ਵਿਚ ਜਾ ਕੇ ਟੀਕਾਕਰਨ ਕਰ ਰਹੀਆਂ ਹਨ। ਇਸ ਮੌਕੇ ਤੇ ਨਗਰ ਨਿਗਮ ਅਬੋਹਰ ਦੀਆਂ ਟੀਮਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਸਾਲ ਸ਼ਹਿਰ ਵਿਚ ਹੁਣ ਤੱਕ 783 ਕੁੱਤਿਆਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਉਹਨਾਂ ਕਿਹਾ ਕਿ ਸ਼ਹਿਰ ਵਿਚਲੀਆਂ ਕੁੱਤਿਆਂ ਦੀ ਸੰਭਾਲ ਨਾਲ ਜੁੜੀਆਂ ਸਮਾਜਸੇਵੀ ਸੰਸਥਾਵਾਂ ਵੀ ਕੁੱਤਿਆਂ ਨੂੰ ਕਾਬੂ ਕਰਨ ਵਿਚ ਵਿਸ਼ੇਸ਼ ਸਹਿਯੋਗ ਦੇ ਰਹੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸਮਾਜਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਵੱਲੋਂ ਇਸ ਮੁਹਿੰਮ ਲਈ ਵੈਕਸੀਨ ਮੁਹਈਆ ਕਰਵਾਈ ਗਈ ਹੈ।
ਸੈਨਟਰੀ ਇੰਸਪੈਕਟਰ ਸ਼੍ਰੀ ਅਸ਼ਵਨੀ ਮਿਗਲਾਨੀ ਵਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸ਼ਹਿਰ ਨਿਵਾਸੀਆਂ ਵੱਲੋਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।