ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸ

ਫਿਰੋਜ਼ਪੁਰ, 19 ਫਰਵਰੀ 2024 :

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਤਹਿਸਲੀਦਾਰਾਂ, ਜ਼ਿਲ੍ਹਾ ਸਵੀਪ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ‘ਚੋਣ ਦਾ ਪਰਵ ਦੇਸ਼ ਦਾ ਗਰਵ’ ਵਿਸ਼ੇ ਤਹਿਤ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

ਸ੍ਰੀ ਸਿਬਿਨ ਸੀ. ਨੇ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਵੀਪ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਦਾ ਦਫ਼ਤਰ ਵੋਟਰ ਜਾਗਰੂਕਤਾ ਲਈ ਲੋਕ ਸਭਾ ਚੋਣਾਂ 2024 ਲਈ ਬਣੇ ‘ਸਟੇਟ ਆਈਕੋਨ’ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਜ਼ਿਲ੍ਹੇ ਦੇ ਮਸ਼ਹੂਰ ਅਦਾਕਾਰ, ਖਿਡਾਰੀ ਜਾਂ ਯੂਥ ਆਈਕਾਨ ਵਲੋਂ ਵੀਡੀਓ ਸੰਦੇਸ਼ ਨੂੰ ਵੀ ਵਰਤਿਆ ਜਾ ਸਕਦਾ ਹੈ।

 ਸ੍ਰੀ ਸਿਬਿਨ ਸੀ. ਨੇ ਸਾਰੇ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਜ਼ਿਲ੍ਹਾ ਚੋਣ ਤਹਿਸੀਲਦਾਰ ਅਤੇ ਸਵੀਪ ਕੋਆਰਡੀਨੇਟਰ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਸੀ.ਈ.ਓ. ਪੰਜਾਬ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਮਸ਼ਹੂਰ ਅਭਿਨੇਤਾਵਾਂ, ਗਾਇਕਾਂ ਅਤੇ ਹੋਰ ਕਲਾ ਦੇ ਖੇਤਰ ਵਿੱਚ ਮਾਹਿਰਾਂ ਦੀ ਇਕ ਸਵੀਪ ਪਾਰਟੀ ਟੀਮ ਦਾ ਗਠਨ ਕੀਤਾ ਗਿਆ ਹੈ ਜੋ ਗੀਤਾਂ, ਕਵਿਤਾਵਾਂ ਆਦਿ ਰਾਹੀਂ ਲੋਕਾਂ ਨੂੰ ਵੋਟਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਾਂ ਤੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਸਲੋਗਨ ਲਿਖਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਲੋਕਤੰਤਰ ਦੀ ਦੀਵਾਰ’ ਬਣਾਈ ਜਾ ਰਹੀ ਹੈ। ਇਨ੍ਹਾਂ ਸਵੀਪ ਗਤੀਵਿਧੀਆਂ ਲਈ ਸਥਾਨਕ ਐਨ.ਜੀ.ਓ. ਦੀ ਮਦਦ ਵੀ ਲਈ ਜਾ ਰਹੀ ਹੈ।

ਮੀਟਿੰਗ ਦੌਰਾਨ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਅਤੇ ਸਮੂਹ ਜ਼ਿਲਿਆਂ ਦੇ ਸਬੰਧਤ ਅਧਿਕਾਰੀ ਹਾਜ਼ਰ ਸਨ।

[wpadcenter_ad id='4448' align='none']