ਮਾਨਸਾ, 29 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ। ਇਸ ਮੌਕੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਟੀਮ ਵੱਲੋਂ ਬੱਸ ਸਟੈਂਡ ਮਾਨਸਾ ਅੰਦਰ ਮਿਠਾਈ ਵੇਚ ਰਹੇ ਦੁਕਾਨਦਾਰਾ ਨੂੰ ਆਪਣਾ ਸਾਮਾਨ ਜਾਲੀ ਵਾਲੇ ਕੱਪੜੇ ਨਾਲ ਢੱਕ ਕੇ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਅਤੇ ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ’ਤੇ ਤੰਬਾਕੂ ਐਕਟ 2003 ਅਧੀਨ ਹੋਣ ਵਾਲੇ ਜੁਰਮਾਨਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੁਚਨਾ ਅਫਸਰ ਵਿਜੈ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਕਰਨਾ ਜਰੂਰੀ ਹੈ, ਤਾਂ ਜੋ ਕੋਟਪਾ 2003 ਨੂੰ ਸਹੀ ਢੰਗ ਨਾਲ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ, ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਸੁਖਪਾਲ ਸਿੰਘ, ਨਿਰਮਲ ਸਿੰਘ ਸਿਹਤ ਸੁਪਰਵਾਈਜ਼ਰ ਅਤੇ ਗੁਰਿੰਦਰਜੀਤ ਸ਼ਰਮਾ ਮੌਜੂਦ ਸਨ।
ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇਵਿਅਕਤੀਆਂ ਦੇ ਕੱਟੇ ਚਲਾਨ
[wpadcenter_ad id='4448' align='none']