ਕਣਕ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ, ਕੁਤਾਹੀ ਜਾਂ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗ਼ੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ 12 ਮਈ 2024……
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਟਰੱਕ ਯੂਨੀਅਨ ਦੇ ਨੁਮਾਇੰਦਿਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਨੂੰ ਤੁਰੰਤ ਤੇਜ਼ ਕਰਦਿਆਂ ਇਸ ਦੀ ਰੋਜ਼ਾਨਾ ਰਿਪੋਰਟ ਸ਼ਾਮ ਉਨ੍ਹਾਂ ਨੂੰ ਦਿੱਤੀ ਜਾਵੇ। ਉਨ੍ਹਾਂ ਡੀਐਫਐਸਸੀ ਸ੍ਰੀ ਹਿਮਾਸ਼ੂ ਕੁੱਕੜ ਨੂੰ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਲਈ ਭੇਜੇ ਜਾਣ ਟਰੱਕਾਂ ਦੀ ਸੰਪੂਰਨ ਸੂਚਨਾ ਰੋਜ਼ਾਨਾ ਅਪ ਟੂ ਡੇਟ ਹੋਵੇ ਤੇ ਇਸ ਦੀ ਡਿਟੇਲ ਉਨ੍ਹਾਂ ਨੂੰ ਵੀ ਦਿੱਤੀ ਜਾਵੇ। ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤਾਂ ਦੇ ਦਿਨਾਂ ਨੂੰ ਦੇਖਦਿਆਂ ਮੰਡੀ ਵਿੱਚ ਤਰਪਾਲਾਂ ਦੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਮੰਡੀ ਵਿੱਚ ਪਿਆ ਅਨਾਜ ਖਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿਸੇ ਵੀ ਕੰਮ ਵਿੱਚ ਢਿੱਲ ਜਾਂ ਕੁਤਾਹੀ ਬਿਲਕੁਲ ਬਰਦਾਸਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 7,68,336 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,67,754 ਮੀਟ੍ਰਿਕ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਪਨਗ੍ਰੇਨ ਵੱਲੋਂ 2,23,455 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,05,314 ਮੀਟ੍ਰਿਕ ਟਨ, ਪਨਸਪ ਵੱਲੋਂ 1,93,471 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1,17,155 ਮੀਟ੍ਰਿਕ ਟਨ, ਐਫ.ਸੀ. ਆਈ ਵੱਲੋਂ 4430 ਅਤੇ ਵਪਾਰੀਆਂ ਵੱਲੋਂ 23,929 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1676 ਕਰੋੜ ਰੁਪਏ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆਨਲਾਈਨ ਰਾਹੀਂ ਭੇਜੀ ਜਾ ਚੁੱਕੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ 5,87,742 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਪਨਗ੍ਰੇਨ ਵੱਲੋਂ 1,71,916 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,59,858 ਮੀਟ੍ਰਿਕ ਟਨ, ਪਨਸਪ ਵੱਲੋਂ 1,58,504 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 93,494 ਮੀਟ੍ਰਿਕ ਟਨ ਅਤੇ ਐਫ.ਸੀ. ਆਈ ਵੱਲੋਂ 3970 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਗਈ ਹੈ।