ਚੰਡੀਗੜ੍ਹ, 21 ਫਰਵਰੀ
ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਕਿਸਾਨ ਦੇ ਕਤਲ ਦੀ ਦਰਦਨਾਕ ਵੀਡੀਓ ਦੇਖੀ ਹੈ ਜੋ ਸਿਰਫ਼ ਆਪਣੇ ਜਮਹੂਰੀ ਹੱਕ ਦਾ ਪ੍ਰਗਟਾਵਾ ਕਰਨ ਲਈ ਉਥੇ ਗਿਆ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ ਅਤੇ ਉਹ ਸਮਾਜਿਕ ਅਤੇ ਆਰਥਿਕ ਤੌਰ ਉਤੇ ਇਸ ਪਰਿਵਾਰ ਦੀ ਇਮਦਾਦ ਕਰਨਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਆਪਹੁਦਰੇਪਣ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਆਪਣੇ ਪੱਧਰ ਉਤੇ ਪੂਰੀ ਵਾਹ ਲਾ ਦਿੱਤੀ ਤਾਂ ਕਿ ਸਾਡੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਗੋਲੀਆਂ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਹੋਰ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੈਂ ਤਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਪੁਲ ਦਾ ਕੰਮ ਕੀਤਾ ਤਾਂ ਕਿ ਗੱਲ ਕਿਸੇ ਤਣ-ਪੱਤਣ ਲੱਗ ਸਕੇ ਪਰ ਬਦਕਿਸਮਤੀ ਨਾਲ ਗੱਲ ਸਿਰੇ ਨਹੀਂ ਚੜ੍ਹੀ।”
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈਆਂ ਮੀਟਿੰਗਾਂ ਵਿੱਚੋਂ ਦੋ ਵਿੱਚ ਉਹ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਸਨ ਜਦਕਿ ਕੇਂਦਰ ਸਰਕਾਰ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਲਟਾ ਹਰਿਆਣਾ ਨੇ ਕੰਡਿਆਲੀ ਤਾਰਾਂ ਨਾਲ ਕਿਸਾਨਾਂ ਦਾ ਰਾਹ ਰੋਕਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਕੌਮੀ ਰਾਜਧਾਨੀ ਜਾ ਕੇ ਸ਼ਾਂਤਮਈ ਵਿਰੋਧ ਦਰਜ ਕਰਵਾਉਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕੌਮੀ ਰਾਜਧਾਨੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਲਈ ਕੁਝ ਜਗ੍ਹਾ ਅਲਾਟ ਕਰਨੀ ਚਾਹੀਦੀ ਸੀ ਪਰ ਇਸ ਦੀ ਬਜਾਏ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਿਆ ਅਤੇ ਉਨ੍ਹਾਂ ‘ਤੇ ਤਾਕਤ ਦੀ ਵਰਤੋਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਅੰਨਦਾਤਿਆਂ ਦਾ ਘੋਰ ਅਪਮਾਨ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਦੁੱਖ ਦੀ ਗੱਲ ਹੈ ਕਿ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਲਈ 90 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਪੰਜਾਬੀਆਂ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਸੁਣਨ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਆਖਰੀ ਮੀਟਿੰਗ 22 ਜਨਵਰੀ 2021 ਨੂੰ ਹੋਈ ਸੀ ਅਤੇ ਤਿੰਨ ਸਾਲਾਂ ਤੋਂ ਕੇਂਦਰ ਕਿਸਾਨਾਂ ਦੀਆਂ ਮੰਗਾਂ ਨੇ ਪਿੱਛੇ ਹਟ ਗਿਆ ਸੀ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਪ੍ਰਤੀ ਸੁਹਿਰਦ ਹੁੰਦੀ ਤਾਂ ਇਹੋ ਜਿਹੇ ਹਾਲਾਤ ਕਦੇ ਵੀ ਪੈਦਾ ਨਾ ਹੁੰਦੇ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਿਰਫ਼ ਵਿਰੋਧੀ ਪਾਰਟੀਆਂ ਦੀ ਸੱਤਾ ਵਾਲੇ ਸੂਬਿਆਂ ਵਿੱਚ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦਾ ਹੀ ਫਿਕਰ ਹੈ ਅਤੇ ਆਮ ਆਦਮੀ ਦੀ ਭਲਾਈ ਉਨ੍ਹਾਂ ਦੇ ਏਜੰਡੇ ਵਿੱਚ ਕਿਤੇ ਵੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਜ਼ਾਲਮ ਹੁਕਮਰਾਨਾਂ ਨੂੰ ਲੋਕਾਂ ਦੇ ਹਿੱਤ ਅੱਖੋਂ ਪਰੋਖੇ ਕਰਕੇ ਸਿਰਫ਼ ਸੱਤਾ ਦਾ ਨਿੱਘ ਮਾਣਨ ਦੀ ਚਿੰਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਦੋਲਨ ਸੂਬੇ ਦੀ ਆਰਥਿਕਤਾ ਉਤੇ ਵੱਡਾ ਪ੍ਰਭਾਵ ਪਾ ਸਕਦਾ ਹੈ ਜਿਸ ਕਰਕੇ ਉਹ ਇਸ ਮਸਲੇ ਦੇ ਸੁਖਾਵੇਂ ਹੱਲ ਲਈ ਯਤਨਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਹ ਕਦੇ ਨਹੀਂ ਚਾਹੁੰਦੇ ਸਨ ਕਿ ਸੂਬੇ ਅਤੇ ਇੱਥੋਂ ਦੇ ਲੋਕਾਂ ਨੂੰ ਆਰਥਿਕ ਤੌਰ ‘ਤੇ ਨੁਕਸਾਨ ਝੱਲਣਾ ਪਵੇ, ਜਿਸ ਕਰਕੇ ਉਨ੍ਹਾਂ ਨੇ ਗੱਲਬਾਤ ਦੌਰਾਨ ਵਿਚੋਲਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਪਹਿਲੇ ਦਿਨ ਤੋਂ ਹੀ ਗੱਲਬਾਤ ਪ੍ਰਤੀ ਗੰਭੀਰ ਨਹੀਂ ਹੈ, ਜਿਸ ਕਾਰਨ ਅੱਜ ਸਥਿਤੀ ਵਿਗੜ ਗਈ ਹੈ।
ਮੁੱਖ ਮੰਤਰੀ ਨੇ ਸਾਫ ਤੌਰ ਉਤੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਕਿਉਂਕਿ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਹਰਿਆਣਾ ਸ਼ਾਂਤਮਈ ਕਿਸਾਨਾਂ ‘ਤੇ ਤਾਕਤ ਦੀ ਵਰਤੋਂ ਕਰਕੇ ਅਮਨ-ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਹੈ। ਭਗਵੰਤ ਸਿੰਘ ਮਾਨ ਨੇ ਭਾਜਪਾ ਆਗੂਆਂ ਨੂੰ ਮਨੀਪੁਰ ਅਤੇ ਇੱਥੋਂ ਤੱਕ ਕਿ ਹਰਿਆਣਾ ਦੇ ਨੂਹ ਇਲਾਕੇ ਵਿੱਚ ਅਮਨ-ਕਾਨੂੰਨ ਦੀ ਗੰਭੀਰ ਸਮੱਸਿਆ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਪੰਜਾਬ ਉਸ ਤੋਂ ਕਿਤੇ ਵੱਧ ਸ਼ਾਂਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੇ ਵਾਹਨ ਅਤੇ ਐਂਬੂਲੈਂਸਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਥਰੂ ਗੈਸ ਦੀ ਵਰਤੋਂ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਅੱਖਾਂ ਦੀ ਸਮੱਸਿਆ ਆ ਰਹੀ ਹੈ, ਇਸ ਲਈ ਸੂਬਾ ਸਰਕਾਰ ਦੇ ਦੋ ਮੰਤਰੀ, ਇੱਕ ਵਿਧਾਇਕ, ਜੋ ਅੱਖਾਂ ਦੇ ਮਾਹਿਰ ਹਨ, ਨੂੰ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਮੰਤਰੀ ਡਾ: ਬਲਬੀਰ ਪਟਿਆਲਾ ਵਿਖੇ ਅਜਿਹੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰਨਗੇ, ਇਕ ਹੋਰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਪਾਤੜਾਂ ਅਤੇ ਖਨੌਰੀ ਵਿਖੇ ਤਾਇਨਾਤ ਰਹਿਣਗੇ ਜਦਕਿ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਰਾਜਪੁਰਾ ਦੇ ਹਸਪਤਾਲ ਵਿਚ ਤਾਇਨਾਤ ਰਹਿਣਗੇ।
ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਦੇ ਸਵਾਲਾਂ ‘ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ, “ਮੈਂ ਪੰਜਾਬ ਅਤੇ ਪੰਜਾਬੀਆਂ ਦੀ ਖਾਤਰ ਇਸ ਕੁਰਸੀ ਨੂੰ 100 ਵਾਰ ਠੁਕਰਾ ਸਕਦਾ ਹਾਂ। ਮੈਂ ਕੇਂਦਰ ਨੂੰ ਤਾੜਨਾ ਕਰਦਾ ਹਾਂ ਕਿ ਅਜਿਹੇ ਹੱਥਕੰਡਿਆਂ ਨਾਲ ਸਾਨੂੰ ਨਾ ਡਰਾਓ ਕਿਉਂਕਿ ਅਸੀਂ ਸੱਤਾ ਦੇ ਭੁੱਖੇ ਨਹੀਂ ਹਨ ਸਗੋਂ ਅਸੀਂ ਤਾਂ ਸਿਰਫ ਲੋਕਾਂ ਅਤੇ ਸੂਬੇ ਦੀ ਸੇਵਾ ਕਰਨ ਲਈ ਸਮਰਪਿਤ ਹਾਂ।” ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਵੀ ਇਸ ਸੰਕਟ ਦੀ ਘੜੀ ਵਿੱਚ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਜਾਵੇ।
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
Date: