ਦੇਸ਼ ਭਰ ਵਿਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਰੈੱਡ ਅਲਰਟ ਦੇ ਵਿਚਕਾਰ ਸੋਮਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ‘ਤੇ ਦਿਨ ਭਰ ਭਾਰੀ ਬਰਫਬਾਰੀ ਹੋਈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਸਵੇਰੇ ਹੀ ਮੀਂਹ ਪਿਆ। ਇਸ ਤੋਂ ਇਲਾਵਾ ਹੋਰ ਮੈਦਾਨੀ ਇਲਾਕਿਆਂ ‘ਚ ਵੀ ਭਾਰੀ ਮੀਂਹ ਜਾਰੀ ਹੈ। ਪੰਜਾਬ ਅਤੇ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਅਤੇ ਗਰਜ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਹੈ।
ਪੰਜਾਬ ਦੇ ਸਰਹੱਦੀ ਖੇਤਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਤੇ ਆਲੇ-ਦੁਆਲੇ ਇਲਾਕੇ ਵਿੱਚ ਸ਼ਾਮ ਸਮੇਂ ਮੀਂਹ ਪਿਆ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿੱਚ 20 ਤੇ 21 ਫਰਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਪੈਣ ਸਬੰਧੀ 20 ਫਰਵਰੀ ਨੂੰ ‘ਔਰੇਂਜ’ ਤੇ 21 ਫਰਵਰੀ ਲਈ ‘ਯੈਲੋ’ ਅਲਰਟ ਜਾਰੀ ਕਰ ਦਿੱਤਾ ਹੈ।
also read :- ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਬਦਰੀਨਾਥ ਤੇ ਕੇਦਾਰਨਾਥ !
ਪੰਜਾਬ ਵਿੱਚ ਸਵੇਰ ਤੋਂ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਇਸ ਕਰ ਕੇ ਸਾਰਾ ਦਿਨ ਅਸਮਾਨ ਵਿੱਚ ਧੂੜ ਚੜ੍ਹੀ ਰਹੀ ਜਿਸ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਲੁਧਿਆਣਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ ਜਿੱਥੇ ਘੱਟ ਤੋਂ ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਇਸੇ ਤਰ੍ਹਾਂ ਦੇ ਹਾਲਾਤ ਦੋ ਦਿਨ ਹੋਰ ਬਣੇ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ ਉਤੇ ਮੀਂਹ ਅਤੇ ਤੇਜ਼ ਹਵਾਵਾਂ ਨਾਲ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ‘ਔਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ, ਪੰਜਾਬ, ਉਤਰਾਖੰਡ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।